ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਚੋਣ ਪ੍ਰਚਾਰ ‘ਚ ਬੱਚਿਆਂ ਦੀ ਵਰਤੋਂ ‘ਤੇ ਸਖ਼ਤ ਨਾਰਾਜ਼ਗੀ ਜਤਾਈ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਕਿਹਾ ਹੈ ਕਿ ਕਿਸੇ ਵੀ ਪ੍ਰਮੋਸ਼ਨਲ ਸਮੱਗਰੀ ਵਿੱਚ ਬੱਚਿਆਂ ਨੂੰ ਕਿਸੇ ਵੀ ਰੂਪ ਵਿੱਚ ਨਾਂ ਵਰਤਿਆਂ ਜਾਵੇ। ਚੋਣ ਕਮਿਸ਼ਨ ਨੇ ਇਸ ਸਬੰਧੀ ਸਾਰੀ ਸਿਆਸੀ ਪਾਰਟੀਆਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਕਮਿਸ਼ਨ ਨੇ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਬੱਚਿਆਂ ਦੀ ਕਿਸੇ ਵੀ ਤਰ੍ਹਾਂ ਨਾਲ ਵਰਤੋਂ ਕਰਨ ਪ੍ਰਤੀ ਆਪਣੀ ਜ਼ੀਰੋ ਟਾਲਰੈਂਸ ਨੀਤੀ ਬਾਰੇ ਜਾਣਕਾਰੀ ਦਿੱਤੀ।
ਚੋਣ ਕਮਿਸ਼ਨ ਨੇ ਕਿਹਾ ਕਿ ਨੇਤਾਵਾਂ ਅਤੇ ਉਮੀਦਵਾਰਾਂ ਨੂੰ ਪ੍ਰਚਾਰ ਗਤੀਵਿਧੀਆਂ ਵਿੱਚ ਕਿਸੇ ਵੀ ਤਰ੍ਹਾਂ ਬੱਚਿਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਚਾਹੇ ਉਹ ਬੱਚੇ ਨੂੰ ਆਪਣੀ ਗੋਦੀ ਵਿੱਚ ਜਾਂ ਗੱਡੀ ਵਿੱਚ ਲੈ ਕੇ ਜਾਣ ਜਾਂ ਰੈਲੀਆਂ ਵਿੱਚ ਬੱਚੇ ਨੂੰ ਲੈ ਕੇ ਜਾਣ। ਚੋਣ ਕਮਿਸ਼ਨ ਵੱਲੋਂ ਜਾਰੀ ਇਕ ਬਿਆਨ ‘ਚ ਕਿਹਾ ਗਿਆ ਹੈ, ‘ਇਹ ਪਾਬੰਦੀ ਕਿਸੇ ਵੀ ਤਰੀਕੇ ਨਾਲ ਸਿਆਸੀ ਪ੍ਰਚਾਰ ਲਈ ਬੱਚਿਆਂ ਦੀ ਵਰਤੋਂ ‘ਤੇ ਵੀ ਲਾਗੂ ਹੁੰਦੀ ਹੈ, ਜਿਸ ‘ਚ ਕਵਿਤਾਵਾਂ, ਗੀਤ, ਬੋਲੇ ਜਾਣ ਵਾਲੇ ਸ਼ਬਦ, ਸਿਆਸੀ ਪਾਰਟੀਆਂ ਜਾਂ ਉਮੀਦਵਾਰਾਂ ਦੇ ਚਿੰਨ੍ਹਾਂ ਦਾ ਪ੍ਰਦਰਸ਼ਨ ਸ਼ਾਮਲ ਹੈ।’
ਦੱਸਣਯੋਗ ਹੈ ਕਿ ਅਜੋਕੇ ਸਮੇਂ ਵਿੱਚ ਚੋਣ ਪ੍ਰਚਾਰ ਦੌਰਾਨ ਬੱਚਿਆਂ ਦੀ ਵਰਤੋਂ ਵਿੱਚ ਵਾਧਾ ਦੇਖਿਆ ਗਿਆ ਹੈ। ਚੋਣ ਪ੍ਰਚਾਰ ਦੌਰਾਨ ਵੱਖ-ਵੱਖ ਪਾਰਟੀਆਂ ਦੇ ਆਗੂ ਛੋਟੇ-ਛੋਟੇ ਬੱਚਿਆਂ ਨਾਲ ਵੋਟਾਂ ਮੰਗਦੇ ਨਜ਼ਰ ਆ ਰਹੇ ਹਨ। ਹੁਣ ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਨੂੰ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਮੰਨਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।