ਸਿੱਖਿਆ ਵਿਭਾਗ ਵੱਲੋਂ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦਾ ਛੇਵਾਂ ਗੇੜ ਮੁਕੰਮਲ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ ਮਹਾਮਾਰੀ ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਦਾ ਅੱਜ ਛੇਵਾਂ ਗੇੜ ਮੁਕੰਮਲ ਕਰ ਲਿਆ ਹੈ।

ਇਸ ਸਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਕੋਰੋਨਾ ਤੋਂ ਬਚਣ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਸੰਪਰਕ ਮੁਹਿੰਮ ਦੌਰਾਨ ਅਧਿਆਪਕਾਂ ਨੇ ਆਮ ਲੋਕਾਂ ਨੂੰ ਹੱਥ ਧੋਣ ਦੇ ਤਰੀਕੇ ਬਾਰੇ ਦੱਸਣ ਦੇ ਨਾਲ ਨਾਲ ਮਾਸਕ ਪਹਿਨਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਆਪਸ ਵਿੱਚ ਸਰੀਰਕ ਦੂਰੀ ਬਣਾ ਕੇ ਰੱਖਣ ਬਾਰੇ ਜਾਣੂ ਕਰਵਾਇਆ। ਇਨ੍ਹਾਂ ਸਾਵਧਾਨੀਆਂ ਦੇ ਇਸਤੇਮਾਲ ਨਾਲ ਕੋਵਿਡ-19 ਦਾ ਫੈਲਾਅ ਰੋਕਣ ਬਾਰੇ ਵੀ ਆਮ ਲੋਕਾਂ ਨੂੰ ਵਿਸਥਾਰ ਵਿੱਚ ਸਮਝਾਇਆ ਗਿਆ।

ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਨੇ ਮਿਸ਼ਨ ਫਤਹਿ ਤਹਿਤ ਆਮ ਲੋਕਾਂ ਨੂੰ ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਮਰੀਜ਼ ਨਾਲ ਚੌਕਸੀ ਵਰਤਦਿਆਂ ਸਨੇਹ ਭਰਪੂਰ ਵਿਵਹਾਰ ਕਰਨ ਲਈ ਪ੍ਰੇਰਿਤ ਕੀਤਾ। ਆਮ ਲੋਕਾਂ ਨੂੰ ਘਰਾਂ ਤੋਂ ਜਰੂਰਤ ਸਮੇਂ ਹੀ ਬਾਹਰ ਨਿਕਲਣ ਦੀ ਅਪੀਲ ਕਰਦਿਆਂ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਿਕ ਸਮਾਗਮਾਂ ਦੌਰਾਨ ਨਿਰਧਾਰਤ ਗਿਣਤੀ ਦੇ ਲੋਕਾਂ ਦੀ ਇਕੱਤਰਤਾ ਬਾਰੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਦੌਰਾਨ ਲੋਕਾਂ ਨੂੰ ਆਪੋ ਆਪਣੇ ਮੋਬਾਈਲ਼ ਵਿੱਚ ਕੋਵਾ ਐਪ ਡਾਊਨਲੋਡ ਕਰਨ ਲਈ ਪ੍ਰੇਰਿਤ ਕਰਦਿਆਂ ਇਸ ਐਪ ਜ਼ਰੀਏ ਮਿਲਣ ਵਾਲੀਆਂ ਸੇਵਾਵਾਂ ਬਾਰੇ ਵੀ ਜਾਣੂੰ ਕਰਵਾਇਆ ਗਿਆ। ਆਮ ਲੋਕਾਂ ਚ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਲਈ ਭਾਰੀ ਉਤਸ਼ਾਹ ਵੇਖਿਆ ਗਿਆ। ਲੋਕਾਂ ਵੱਲੋਂ ਜਾਗਰੂਕਤਾ ਟੀਮਾਂ ਨੂੰ ਕੋਰੋਨਾ ਵਾਇਰਸ ਦਾ ਫੈਲਾਅ ਰੋਕਣ ਲਈ ਦੱਸੀਆਂ ਸਾਵਧਾਨੀਆਂ ਉਤੇ ਪੂਰਨ ਅਮਲ ਦਾ ਵਿਸ਼ਵਾਸ ਦਿਵਾਇਆ ਗਿਆ।

Share this Article
Leave a comment