ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਤਰਨਤਾਰਨ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਚੋਣ ਮਸ਼ੀਨਰੀ ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਅਤੇ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਅਬਜ਼ਰਵਰਾਂ ਨਾਲ ਸਲਾਹ-ਮਸ਼ਵਰਾ ਕਰਕੇ ਚੋਣ ਯੋਜਨਾ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਕਿ ਕਿਸੇ ਵੀ ਜ਼ਿਮਨੀ ਚੋਣ ਵਿੱਚ ਚੋਣ ਕਮਿਸ਼ਨ ਵੱਲੋਂ ਹੁਣ ਤੱਕ ਦੀ ਸਭ ਤੋਂ ਵੱਡੀ ਤਾਇਨਾਤੀਆਂ ਵਿੱਚੋਂ ਇੱਕ ਹੈ।

