ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਭ੍ਰਿਸ਼ਟਾਚਾਰ ‘ਚ ਸ਼ਾਮਿਲ ਤਿੰਨ ਵੱਖ-ਵੱਖ ਮਾਮਲਿਆਂ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ 7 ਅਫਸਰਾਂ ਸਣੇ 8 ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿਚ ਚਾਰ ਐੱਸਡੀਓ, ਇਕ ਐੱਸਈਡੀ, ਇਕ ਜੇਈ, ਇਕ ਡਵੀਜ਼ਨਲ ਅਕਾਊਂਟੈਂਟ ਤੇ ਇਕ ਲਾਇਨਮੈਨ ਸ਼ਾਮਲ ਹਨ। ਤਿੰਨੋਂ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ FIR ਵੀ ਦਰਜ ਕੀਤੀ ਗਈ ਹੈ।
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਦੁਹਰਾਉਂਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ CM ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ। ਪਿਛਲੇ ਕੁਝ ਸਮੇਂ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਕੁਝ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਸਬੰਧੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਧਿਕਾਰੀਆਂ/ਕਰਮਚਾਰੀਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਬਿਜਲੀ ਮੰਤਰੀ ਨੇ ਦੱਸਿਆ ਕਿ ਮੁਬਾਰਕਪੁਰ ਐੱਸਡੀਓ ਗੁਰਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਉਦਯੋਗਿਕ ਕਨੈਕਸ਼ਨ ਜਾਰੀ ਕਰਨ ਦੇ ਮਾਮਲੇ ਵਿਚ ਬਿਨੈਕਾਰ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਸੀ। PSPCL ਦੇ ਇਨਫੋਰਸਮੈਂਟ ਵਿੰਗ ਨੇ ਇਸ ਮਾਮਲੇ ਦੀ ਜਾਂਚ ਕੀਤੀ ਤੇ ਦੋਸ਼ ਸਹੀ ਮਿਲਿਆ। ਦੂਜੇ ਮਾਮਲੇ ਵਿਚ ਗਬਨ ਦੇ ਦੋਸ ਵਿਚ ਐੱਸਡੀਓ ਹਰਜੀਤ ਸਿੰਘ, ਦਰਸ਼ਨ ਸਿੰਘ, ਸਬ-ਡਵੀਜ਼ਨ ਬੱਸੀਆਂ ਦੇ ਐੱਸਡੀਓ ਛਿੰਦਰਪਾਲ ਸਿੰਘ, ਜੇਈ ਦਲਜੀਤ ਸਿੰਘ ਤੇ ਲਾਇਨਮੈਨ ਅਜੀਤਪਾਲ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ।
ਇਸ ਮਾਮਲੇ ਦੀ ਪੀਐੱਸਪੀਸੀਐੱਲ ਦੇ ਆਡਿਟ ਵਿੰਗ ਨੇ ਜਾਂਚ ਕੀਤੀ ਸੀ। ਤੀਜੇ ਮਾਮਲੇ ਵਿਚ ਸਬ-ਡਵੀਜ਼ਨ ਅਮਲੋਹ ਦੇ ਵਧੀਕ ਐੱਸਡੀਈ ਸੁਮੇਲ ਸਿੰਘ ਤੇ ਡਵੀਜ਼ਨਲ ਅਕਾਊਂਟੈਂਟ ਕਿਰਨ ਕੁਮਾਰ ਨੂੰ ਮੁਅੱਤਲ ਕੀਤਾ ਗਿਆ। ਇਨ੍ਹਾਂ ‘ਤੇ PSPCL ਦੇ ਫੰਡਾਂ ਵਿਚ ਘਪਲੇ ਦਾ ਦੋਸ਼ ਹੈ।ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਚ ਸ਼ਾਮਲ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਅਜਿਹੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਤਿੰਨੋਂ ਮਾਮਲਿਆਂ ਵਿਚ ਸੀਨੀਅਰ ਅਧਿਕਰੀਆਂ ਦੇ ਸ਼ਾਮਲ ਹੋਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਗਤੀਵਿਧੀਆਂ ਵਿਚ ਸ਼ਾਮਲ ਪਾਏ ਗਏ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.