ਮੁੰਬਈ : ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਆਤਮ ਹੱਤਿਆ ਦਾ ਮਾਮਲਾ ਅਜੇ ਠੰਢਾ ਨਹੀਂ ਪਿਆ ਹੈ ਕਿ ਇਸ ਵਿਚਕਾਰ ਮਰਾਠੀ ਅਦਾਕਾਰ ਆਸ਼ੂਤੋਸ਼ ਭਾਕਰੇ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਅਦ ਮਰਾਠੀ ਫ਼ਿਲਮ ਉਦਯੋਗ ‘ਚ ਸੋਗ ਦੀ ਲਹਿਰ ਦੌੜ ਗਈ ਹੈ।
ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਸ ਨੇ ਨਾਂਦੇੜ ਸਥਿਤ ਆਪਣੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਆਸ਼ੂਤੋਸ਼ ਦੀ ਉਮਰ 32 ਸਾਲ ਦੀ ਸੀ। ਉਹ ਇੱਕ ਮਹੀਨਾਂ ਪਹਿਲਾਂ ਹੀ ਨਾਂਦੇੜ ਆਇਆ ਸੀ ਅਤੇ ਕਿਹਾ ਜਾ ਰਿਹਾ ਹੈ ਕਿ ਉਹ ਪਿਛਲੇ ਕੁੱਝ ਸਮੇਂ ਤੋਂ ਡਿਪ੍ਰੈਸ਼ਨ ‘ਚ ਵੀ ਸੀ। ਜਦੋਂ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਕੁਝ ਦਿਨ ਪਹਿਲਾਂ ਉਸਨੇ ਫੇਸਬੁੱਕ ‘ਤੇ ਇਕ ਵੀਡੀਓ ਸਾਂਝਾ ਕੀਤਾ ਸੀ। ਜਿਸਦੇ ਜ਼ਰੀਏ ਉਸਨੇ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਕੋਈ ਵਿਅਕਤੀ ਖੁਦਕੁਸ਼ੀ ਕਿਉਂ ਕਰਦਾ ਹੈ।
ਦੱਸ ਦਈਏ ਕਿ ਬੀਤੀ 14 ਜੂਨ ਨੂੰ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੇ ਘਰ ‘ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਸੀ। ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਹਨ। ਹਾਲਾਂਕਿ, ਮਹਾਰਾਸ਼ਟਰ ਸਰਕਾਰ ਨੇ ਸੀਬੀਆਈ ਜਾਂਚ ਤੋਂ ਇਨਕਾਰ ਕਰ ਦਿੱਤਾ ਹੈ।