ਜਲੰਧਰ: ਅੱਜ ਜਲੰਧਰ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਪੰਮਾ ਵਾਸੀ ਬਿੰਜੋ ਹੁਸ਼ਿਆਰਪੁਰ ਵਜੋਂ ਹੋਈ ਹੈ। ਮੁਲਜ਼ਮ ਗੈਂਗਸਟਰ ਦਿਲਪ੍ਰੀਤ ਬਾਬਾ ਗੈਂਗ ਨਾਲ ਜੁੜਿਆ ਹੋਇਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮਾਂ ਖ਼ਿਲਾਫ਼ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਗੁਪਤ ਸੂਚਨਾ ਦੇ ਆਧਾਰ ‘ਤੇ, ਪੁਲਿਸ ਨੇ ਆਦਮਪੁਰ ਪਿੰਡ ਦੇ ਕਾਲੜਾ ਮੋੜ ਨੇੜੇ ਨਾਕਾਬੰਦੀ ਕੀਤੀ ਸੀ। ਪੁਲਿਸ ਨੂੰ ਦੇਖ ਕੇ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ।
ਆਤਮ-ਰੱਖਿਆ ਦੌਰਾਨ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਕਾਰਨ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗ ਗਈ। ਇਹ ਕਾਰਵਾਈ ਡੀਐਸਪੀ ਡਿਟੈਕਟਿਵ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਨੇ ਕੀਤੀ ਹੈ। ਮੁਕਾਬਲੇ ਦੀ ਜਾਣਕਾਰੀ ਮਿਲਦੇ ਹੀ ਐਸਐਸਪੀ ਹਰਵਿੰਦਰ ਸਿੰਘ ਵਿਰਕ ਮੌਕੇ ‘ਤੇ ਪਹੁੰਚ ਗਏ।
ਦੱਸ ਦਈਏ ਕਿ ਬੋਲੇਰੋ ਪਿਕਅੱਪ ਗੱਡੀ ਵਿੱਚ ਸਵਾਰ ਮੁਲਜ਼ਮਾਂ ਤੋਂ ਦੋ ਪਿਸਤੌਲਾਂ ਦੇ ਨਾਲ-ਨਾਲ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। ਦੋਸ਼ੀ ਨੂੰ ਇਲਾਜ ਲਈ ਸਿਵਲ ਹਸਪਤਾਲ, ਜਲੰਧਰ ਵਿੱਚ ਦਾਖਲ ਕਰਵਾਇਆ ਗਿਆ ਹੈ। ਜਲਦੀ ਹੀ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ‘ਤੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਸ ਇਲਾਕੇ ਵਿੱਚ ਕਿਉਂ ਆਇਆ ਸੀ।
ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਗੋਲੀ ਚਲਾਈ ਤਾਂ ਗੈਂਗਸਟਰ ਪਰਮਜੀਤ ਸਿੰਘ ਪੰਮਾ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਉਸ ਦਾ ਪਿੱਛਾ ਕੀਤਾ ਅਤੇ ਉਸ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਮੌਕੇ ‘ਤੇ ਹੀ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੌਕੇ ਤੋਂ ਦੋ ਗੈਰ-ਕਾਨੂੰਨੀ ਹਥਿਆਰ, 15 ਗ੍ਰਾਮ ਹੈਰੋਇਨ ਅਤੇ ਇੱਕ ਬੋਲੇਰੋ ਕੈਂਪਰ ਗੱਡੀ ਵੀ ਜ਼ਬਤ ਕੀਤੀ ਹੈ। ਬਰਾਮਦ ਕੀਤੀ ਗਈ ਕੈਂਪਰ ਗੱਡੀ ਮੁਲਜ਼ਮਾਂ ਨੇ ਅੰਬਾਲਾ ਨੇੜਿਓਂ ਚੋਰੀ ਕੀਤੀ ਸੀ।
ਐਸਐਸਪੀ ਵਿਰਕ ਨੇ ਕਿਹਾ ਕਿ ਦੋਸ਼ੀ ਇਸ ਇਲਾਕੇ ਵਿੱਚ ਕੀ ਕਰ ਰਿਹਾ ਸੀ, ਇਸ ਬਾਰੇ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ, ਉਸਨੂੰ ਰਿਮਾਂਡ ‘ਤੇ ਲਿਆ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਵਿਰੁੱਧ ਪਹਿਲਾਂ ਹੀ 19 ਮਾਮਲੇ ਦਰਜ ਹਨ। ਇਸ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ, ਹਥਿਆਰਾਂ ਦੀ ਤਸਕਰੀ, ਕਾਰ ਚੋਰੀ, ਡਕੈਤੀ ਅਤੇ ਹੋਰ ਮਾਮਲੇ ਸ਼ਾਮਲ ਹਨ।”