ਬਰਨਾਲਾ: ਪੰਜਾਬ ਪੁਲਿਸ ਐਕਸ਼ਨ ਮੋਡ ਵਿੱਚ ਹੈ। ਹਰ ਰੋਜ਼ ਐਨਕਾਊਂਟਰ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅੱਜ ਤੜਕੇ ਬਰਨਾਲਾ-ਮਾਨਸਾ ਮੁੱਖ ਮਾਰਗ ਧੌਲਾ ‘ਤੇ ਨੌਜਵਾਨਾਂ ਅਤੇ ਪੁਲਿਸ ਵਿਚਾਲੇ ਮੁੱਠਭੇੜ ਹੋ ਗਈ। ਪੁਲਿਸ ਨੇ ਇਸ ਮੁਕਾਬਲੇ ਵਿੱਚ 2 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਨੁਸਾਰ ਨੌਜਵਾਨਾਂ ਕੋਲੋਂ ਇੱਕ ਪਿਸਤੌਲ, ਰਿਵਾਲਵਰ, ਨਸ਼ੀਲੀਆਂ ਗੋਲੀਆਂ ਅਤੇ ਹੋਰ ਨਸ਼ੀਲੀਆਂ ਵਸਤੂਆਂ ਵੀ ਬਰਾਮਦ ਹੋਈਆਂ ਹਨ।
ਇਸ ਮੁਕਾਬਲੇ ‘ਚ ਇਕ ਬਦਮਾਸ਼ ਜ਼ਖਮੀ ਹੋ ਗਿਆ ਹੈ। ਉਸ ਦੀ ਪਛਾਣ ਵੀਰਭੱਦਰ ਵਜੋਂ ਹੋਈ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਦੋਂਕਿ ਦੂਜੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਐਸਐਸਪੀ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਬਰਨਾਲਾ-ਮਾਨਸਾ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਤੇਜ਼ ਰਫ਼ਤਾਰ ਕਾਲੇ ਰੰਗ ਦੀ ਵਰਨਾ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਕਾਰ ‘ਚ ਸਵਾਰ ਨੌਜਵਾਨਾਂ ਨੇ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਗੋਲੀਬਾਰੀ ਵਿਚ ਪੁਲਿਸ ਨੇ ਕਾਰ ਨੂੰ ਕਾਬੂ ਕਰ ਲਿਆ ਅਤੇ ਉਸ ਵਿਚ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ।
ਧਿਆਨ ਰਹੇ ਕਿ ਗੱਡੀ ‘ਚੋਂ ਵੱਡੀ ਮਾਤਰਾ ‘ਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਕਾਰ ‘ਚ ਸਵਾਰ ਵਿਅਕਤੀ ਕੋਲ ਮੌਜੂਦ ਹਥਿਆਰ (ਰਿਵਾਲਵਰ) ਵੀ ਬਰਾਮਦ ਕਰ ਲਿਆ ਗਿਆ ਹੈ। ਐਸਐਸਪੀ ਬਰਨਾਲਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਖ਼ਿਲਾਫ਼ 10 ਤੋਂ 12 ਕੇਸ ਦਰਜ ਹਨ। ਇਨ੍ਹਾਂ ਦੇ ਕਿਸੇ ਗੈਂਗ ਨਾਲ ਸਬੰਧ ਹੋਣ ਦੀ ਵੀ ਸੂਚਨਾ ਹੈ ਪਰ ਫਿਲਹਾਲ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।