ਹਿਮਾਚਲ ਰੈਸਕਿਊ ਆਪਰੇਸ਼ਨ: 70 ਹਜ਼ਾਰ ਸੈਲਾਨੀਆਂ ਨੂੰ ਭੇਜਿਆ ਗਿਆ ਵਾਪਸ

Global Team
2 Min Read

ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਆਈ ਤਬਾਹੀ ਵਿੱਚ ਫਸੇ ਲੋਕਾਂ ਅਤੇ ਸੈਲਾਨੀਆਂ ਨੂੰ ਬਚਾਉਣ ਲਈ ਬਚਾਅ ਕਾਰਜ ਮੁਕੰਮਲ ਕਰ ਲਏ ਗਏ ਹਨ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ਨੀਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਲਗਭਗ 70,000 ਸੈਲਾਨੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੈ ਅਤੇ ਹੁਣ ਸਿਰਫ 500 ਦੇ ਲਗਭਗ ਸੈਲਾਨੀ ਹੀ ਆਪਣੀ ਮਰਜ਼ੀ ਨਾਲ ਹਿਮਾਚਲ ਪ੍ਰਦੇਸ਼ ਵਿੱਚ ਰੁਕੇ ਹਨ। ਉਨ੍ਹਾਂ ਨੂੰ ਭੋਜਨ ਅਤੇ ਹੋਰ ਜ਼ਰੂਰੀ ਚੀਜ਼ਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸੈਲਾਨੀਆਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵੱਡੇ ਪੱਧਰ ‘ਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ ਹਨ ਅਤੇ ਸਾਰਿਆਂ ਦੇ ਸਹਿਯੋਗ ਨਾਲ ਇਸ ਨੂੰ ਨੇਪਰੇ ਚਾੜ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਤੋਂ ਲਗਭਗ 15 ਹਜ਼ਾਰ ਵਾਹਨ ਸੁਰੱਖਿਅਤ ਵਾਪਸ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ 80 ਫੀਸਦੀ ਆਫ਼ਤ ਪ੍ਰਭਾਵਿਤ ਇਲਾਕਿਆਂ ਵਿੱਚ ਬਿਜਲੀ, ਪਾਣੀ ਅਤੇ ਮੋਬਾਈਲ ਸੇਵਾਵਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬਾਕੀ ਖੇਤਰਾਂ ਵਿੱਚ ਵੀ ਜ਼ਰੂਰੀ ਸੇਵਾਵਾਂ ਨੂੰ ਜਲਦੀ ਤੋਂ ਜਲਦੀ ਬਹਾਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਇਸ ਆਫ਼ਤ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਨੂੰ ਚਲਾਉਣ ਲਈ ਵੱਖ-ਵੱਖ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦੀਆਂ ਏਜੰਸੀਆਂ, ਐਨਡੀਆਰਐਫ, ਭਾਰਤੀ ਫੌਜ ਆਦਿ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਸੁੱਖੂ ਨੇ ਕਿਹਾ ਕਿ ਇਹ ਆਫ਼ਤ ਬਹੁਤ ਵੱਡੀ ਹੈ ਅਤੇ ਹੜ੍ਹਾਂ ਕਾਰਨ ਸੂਬੇ ਨੂੰ ਲਗਭਗ 8000 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਸੂਬੇ ਦੇ ਲੋਕ ਇਸ ਦਾ ਸਖ਼ਤੀ ਨਾਲ ਸਾਹਮਣਾ ਕਰ ਰਹੇ ਹਨ ਅਤੇ ਸੂਬਾ ਸਰਕਾਰ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਅਪੀਲ ਕੀਤੀ ਕਿ ਕੇਂਦਰ ਸਰਕਾਰ ਨੂੰ ਵੀ ਰਾਜ ਸਰਕਾਰ ਦੀ ਖੁੱਲ੍ਹੇ ਦਿਲ ਨਾਲ ਮਦਦ ਕਰਨੀ ਚਾਹੀਦੀ ਹੈ।

Share This Article
Leave a Comment