ਪੰਜਾਬ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਫਿਰ ਤੋਂ ਹਾਈਕੋਰਟ ਦਾ ਰੁਖ ਕੀਤਾ ਹੈ। ਅੱਜ ਅਦਾਲਤ ਦੇ ਸਿੰਗਲ ਬੈਂਚ ਦੇ ਫੈਸਲੇ ਖਿਲਾਫ ਡਬਲ ਬੈਂਚ ਅੱਗੇ ਅਪੀਲ ਦਾਇਰ ਕੀਤੀ। ਇਸ ਅਪੀਲ ਉਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ।
ਇਹ ਵਾਧਾ 18 ਸਤੰਬਰ 2020 ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਨੇ ਕੀਤਾ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਫਰਵਰੀ 2023 ਵਿੱਚ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਸੂਬਾ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਕਾਰਜਕਾਲ ਵਿਚ ਵਾਧਾ ਨਹੀਂ ਕੀਤਾ ਜਾ ਸਕਦਾ।
ਉਸ ਸਮੇਂ ਸੂਬਾ ਸਰਕਾਰ ਦੇ ਫ਼ੈਸਲੇ ਨੂੰ ਮਨੀਸ਼ਾ ਗੁਲਾਟੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਜਾਰੀ ਆਦੇਸ਼ਾਂ ਨੂੰ ਰੱਦ ਕਰ ਦਿੱਤਾ ਸੀ।
ਦੱਸ ਦਈਏ ਕਿ ਸਰਕਾਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਸੀ। ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਵਿਚ ਕੀਤੇ ਵਾਧੇ ਨੂੰ ਤੁਰਤ ਪ੍ਰਭਾਵ ਨਾਲ ਵਾਪਸ ਲੈ ਲਿਆ ਸੀ।
ਇਸ ਤੋਂ ਕੁਝ ਸਮਾਂ ਬਾਅਦ ਸਰਕਾਰ ਨੇ ਮੁੜ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਸੀ, ਜਿਸ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ। ਹਾਈਕੋਰਟ ਨੇ ਮਨੀਸ਼ਾ ਗੁਲਾਟੀ ਨੂੰ ਕੋਈ ਰਾਹਤ ਨਹੀਂ ਦਿੱਤੀ ਸੀ। ਸਿੰਗਲ ਬੈਂਚ ਦੇ ਇਸ ਫੈਸਲੇ ਨੂੰ ਹੁਣ ਮਨੀਸ਼ਾ ਗੁਲਾਟੀ ਨੇ ਹਾਈਕੋਰਟ ਦੇ ਡਬਲ ਬੈਂਚ ਅੱਗੇ ਚੁਣੌਤੀ ਦਿੱਤੀ ਹੈ।