ਮਾਛੀਵਾੜਾ ‘ਚ ਸਾਬਕਾ ਫੌਜੀ ਅਤੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੁਲਿਸ ਨੂੰ 24 ਘੰਟੇ ਦਾ ਅਲਟੀਮੇਟਮ

Global Team
2 Min Read

ਮਾਛੀਵਾੜਾ ਸਾਹਿਬ: ਮਾਛੀਵਾੜਾ ਸਾਹਿਬ ਵਿਖੇ ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਇੱਕ ਸੇਵਾਮੁਕਤ ਸਿੱਖ ਫੌਜੀ ਕੁਲਦੀਪ ਸਿੰਘ ਅਤੇ ਉਨ੍ਹਾਂ ਦੇ 16 ਸਾਲਾ ਪੁੱਤਰ ਸੁਮਨਪ੍ਰੀਤ ਸਿੰਘ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 4 ਮਈ ਦੀ ਰਾਤ ਨੂੰ ਵਾਪਰੀ ਇਸ ਘਟਨਾ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਸਖ਼ਤ ਨੋਟਿਸ ਲਿਆ ਹੈ।

ਮਾਮੂਲੀ ਗੱਲ ਤੋਂ ਸ਼ੁਰੂ ਹੋਇਆ ਵਿਵਾਦ

ਜਾਣਕਾਰੀ ਅਨੁਸਾਰ ਸਾਬਕਾ ਫੌਜੀ ਕੁਲਦੀਪ ਸਿੰਘ ਖੇਤਾਂ ਵਿੱਚ ਸਬਜ਼ੀਆਂ ਉਗਾ ਕੇ ਟਰੈਕਟਰ-ਟਰਾਲੀ ਰਾਹੀਂ ਬਾਜ਼ਾਰ ਵਿੱਚ ਵੇਚਣ ਦਾ ਕੰਮ ਕਰਦੇ ਹਨ। ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ਉਨ੍ਹਾਂ ਦੀ ਟਰਾਲੀ ਹਟਾਉਣ ਪਹੁੰਚੇ ਤਾਂ ਕੁਲਦੀਪ ਸਿੰਘ ਨੇ ਸਿਰਫ਼ ਇਹ ਪੁੱਛਿਆ ਕਿ ਬਾਕੀ ਰੇਹੜੀਆਂ ਦੇ ਵਿਚਕਾਰ ਉਨ੍ਹਾਂ ਦੀ ਟਰਾਲੀ ਤੋਂ ਕੀ ਸਮੱਸਿਆ ਹੈ? ਇਸ ਗੱਲ ਤੋਂ ਭੜਕੇ ਮੁਲਾਜ਼ਮਾਂ ਨੇ ਪਹਿਲਾਂ ਉਨ੍ਹਾਂ ਦਾ ਸਾਮਾਨ ਜ਼ਬਤ ਕਰ ਲਿਆ ਅਤੇ ਬਾਅਦ ਵਿੱਚ ਵਾਪਸ ਆ ਕੇ ਪਿਤਾ-ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਹਮਲੇ ਕਾਰਨ ਸਾਬਕਾ ਫੌਜੀ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਦੇਖਣ ਅਤੇ ਸੁਣਨ ਵਿੱਚ ਵੀ ਦਿੱਕਤ ਆ ਰਹੀ ਹੈ।


ਪੁਲਿਸ ਪ੍ਰਸ਼ਾਸਨ ਨੂੰ ਜਥੇਦਾਰ ਦੀ ਚੇਤਾਵਨੀ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਖੰਨਾ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਦੋਸ਼ੀਆਂ ਦੀ ਪਛਾਣ ਕਰਕੇ ਤੁਰੰਤ FIR ਦਰਜ ਕੀਤੀ ਜਾਵੇ। ਉਨ੍ਹਾਂ ਨੇ ਪ੍ਰਸ਼ਾਸਨ ਨੂੰ 24 ਘੰਟੇ ਦਾ ਅਲਟੀਮੇਟਮ ਦਿੰਦਿਆਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਨਿਰਧਾਰਿਤ ਸਮੇਂ ਅੰਦਰ ਕਾਰਵਾਈ ਨਾ ਹੋਈ ਤਾਂ ਉਹ ਖ਼ੁਦ ਪੀੜਤ ਪਰਿਵਾਰ ਨੂੰ ਮਿਲਣਗੇ ਅਤੇ ਅਗਲੇ ਸੰਘਰਸ਼ ਦਾ ਐਲਾਨ ਕਰਨਗੇ।

“ਬਾਹਰਲੇ ਲੋਕਾਂ ਤੋਂ ਪੈਸੇ ਲੈ ਕੇ ਰੇਹੜੀਆਂ ਲਗਵਾਉਣ ਦੇ ਇਲਜ਼ਾਮ”

ਜਥੇਦਾਰ ਨੇ ਪ੍ਰਸ਼ਾਸਨ ‘ਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਦੇਸ਼ ਦੀ ਰਾਖੀ ਕਰਨ ਵਾਲੇ ਇੱਕ ਸਾਬਕਾ ਫੌਜੀ ਨਾਲ ਅਜਿਹਾ ਵਿਵਹਾਰ ਹੋ ਸਕਦਾ ਹੈ, ਤਾਂ ਆਮ ਜਨਤਾ ਕਿੰਨੀ ਸੁਰੱਖਿਅਤ ਹੋਵੇਗੀ? ਉਨ੍ਹਾਂ ਇਲਜ਼ਾਮ ਲਾਇਆ ਕਿ ਨਗਰ ਕੌਂਸਲ ਵੱਲੋਂ ਬਾਹਰਲੇ ਲੋਕਾਂ ਤੋਂ ਕਥਿਤ ਤੌਰ ‘ਤੇ ਪੈਸੇ ਲੈ ਕੇ ਰੇਹੜੀਆਂ ਲਗਵਾਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ, ਜਦਕਿ ਸਥਾਨਕ ਮਿਹਨਤਕਸ਼ ਸਿੱਖ ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਗੁੰਡਾ ਅਨਸਰਾਂ ‘ਤੇ ਨਕੇਲ ਪਾਈ ਜਾਵੇ ਅਤੇ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਦਿੱਤਾ ਜਾਵੇ।

Share This Article
Leave a Comment