ਡੇਰਾਬੱਸੀ : ਹਾਲ ਹੀ ‘ਚ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਆਬਕਾਰੀ ਵਿਭਾਗ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਹੀ ਆਬਕਾਰੀ ਵਿਭਾਗ ਨੇ ਮੁਬਾਰਕਪੁਰ ਫੋਕਲ ਪੁਆਇੰਟ ਵਿਖੇ ਸਥਿਤ ਇਕ ਫ਼ੈਕਟਰੀ ਵਿਚ ਛਾਪੇਮਾਰੀ ਦੌਰਾਨ 27 ਹਜ਼ਾਰ 600 ਲੀਟਰ ਨਾਜਾਇਜ਼ ਸ਼ਰਾਬ ਬਣਾਉਣ ਲਈ ਇਸਤੇਮਾਲ ਕੀਤੇ ਜਾਣ ਵਾਲਾ ਕੈਮੀਕਲ ਬਰਾਮਦ ਕੀਤਾ ਹੈ।
ਪ੍ਰਸਾਸ਼ਨ ਵੱਲੋਂ ਇਸ ਮਾਮਲੇ ਵਿਚ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਉਨ੍ਹਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਬਕਾਰੀ ਕਮਿਸ਼ਨਰ, ਪੰਜਾਬ ਰਜਤ ਅਗਰਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਮਿਲੀ ਸੀ ਕਿ ਕੁਝ ਕੈਮੀਕਲ ਫੈਕਟਰੀਆਂ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਅਲਕੋਹਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇੱਥੋਂ ਬਰਾਮਦ ਕੈਮੀਕਲ ਨੂੰ ਨਾਜਾਇਜ਼ ਸ਼ਰਾਬ ਬਣਾਉਣ ਵਿਚ ਵਰਤੋਂ ਕੀਤੀ ਜਾਂਦੀ ਗਈ ਹੈ ਜਾਂ ਨਹੀਂ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫ਼ੈਕਟਰੀ ਦੇ 2 ਗੋਦਾਮ ਵੀ ਵਿਭਾਗ ਵਲੋਂ ਸੀਲ ਕੀਤੇ ਗਏ ਹਨ।
ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਪੁਲਿਸ ਨੂੰ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। ਇਸ ਕੜੀ ਦੇ ਤਹਿਤ ਪ੍ਰਸਾਸ਼ਨ ਵੱਲੋਂ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।