ਅੰਮ੍ਰਿਤਸਰ :ਪੰਜਾਬ ਵਿੱਚ ਕਈ ਥਾਣਿਆਂ ਦੇ ਬਾਹਰ ਬੰਬ ਧਮਾਕੇ ਹੋ ਚੁੱਕੇ ਹਨ। ਇੱਕ ਵਾਰ ਫਿਰ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਭਿੰਡੀਸੈਦਾਂ ਥਾਣੇ ‘ਚ ਐਤਵਾਰ-ਸੋਮਵਾਰ ਦੇਰ ਰਾਤ ਨੂੰ ਜ਼ੋਰਦਾਰ ਧਮਾਕਾ ਹੋਇਆ ਹੈ। ਜ਼ੋਰਦਾਰ ਰੌਲਾ ਸੁਣ ਕੇ ਇਲਾਕੇ ‘ਚ ਹੜਕੰਪ ਮੱਚ ਗਿਆ। ਭਾਵੇਂ ਇਸ ਘਟਨਾ ਸਬੰਧੀ ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਮੁੱਢਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ‘ਤੇ ਸ਼ੱਕ ਜਤਾਇਆ ਜਾ ਰਿਹਾ ਹੈ | ਇਸ ਸਬੰਧੀ ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਜ਼ਿੰਮੇਵਾਰੀ ਨਹੀਂ ਲਈ ਹੈ।
ਜਾਣਕਾਰੀ ਅਨੁਸਾਰ ਰਾਤ 1.30 ਤੋਂ 2 ਵਜੇ ਦੇ ਦਰਮਿਆਨ ਥਾਣੇ ਦੇ ਬਾਹਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਕਾਰਨ ਆਸ-ਪਾਸ ਦੇ ਲੋਕ ਡਰ ਗਏ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਤੋਂ ਤੁਰੰਤ ਬਾਅਦ ਥਾਣੇ ਦਾ ਗੇਟ ਅੰਦਰੋਂ ਬੰਦ ਕਰ ਦਿੱਤਾ ਗਿਆ ਅਤੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਡੀਐਸਪੀ ਗੁਰਿੰਦਰ ਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਸਵੇਰੇ ਇਤਲਾਹ ਮਿਲੀ ਸੀ, ਜਿਸ ਵਿੱਚ ਦੇਰ ਰਾਤ ਹਲਕੀ ਜਿਹੀ ਧਮਾਕੇ ਵਰਗੀ ਆਵਾਜ਼ ਆਉਣ ਦਾ ਜ਼ਿਕਰ ਕੀਤਾ ਗਿਆ ਸੀ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ।
ਪੁਲਿਸ ਅਨੁਸਾਰ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ। ਥਾਣੇ ਦੇ ਅੰਦਰ ਕਿਸੇ ਵੀ ਵਸਤੂ ਦੇ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ। ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਥਾਣੇ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਮੌਕੇ ‘ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਫੋਰੈਂਸਿਕ ਜਾਂਚ ਤੋਂ ਬਾਅਦ ਹੀ ਘਟਨਾ ਦੇ ਕਾਰਨ ਸਪੱਸ਼ਟ ਹੋ ਸਕਣਗੇ। ਫਿਲਹਾਲ ਪੁਲਸ ਸਾਰੇ ਪਹਿਲੂਆਂ ਨੂੰ ਧਿਆਨ ‘ਚ ਰੱਖ ਕੇ ਜਾਂਚ ਕਰ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

