ਗੁਰਦਾਸਪੁਰ: ਅਕਸਰ ਹੀ ਦੇਖਣ `ਚ ਆਉਂਦਾ ਹੈ ਕਿ ਪੰਜਾਬ ਦਾ ਨੌਜਵਾਨ ਆਪਣੇ ਸੁਨਹਿਰੇ ਭਵਿੱਖ ਲਈ ਵਿਦੇਸ਼ ਜਾਕੇ ਪੜ੍ਹਾਈ ਜਾਂ ਰੁਜ਼ਗਾਰ ਕਰਦਾ ਹੈ ਤੇ ਉੱਥੇ ਹਾਦਸਿਆਂ ਦਾ ਸ਼ਿਕਾਰ ਵੀ ਹੋ ਜਾਂਦਾ ਹੈ। ਅਜਿਹਾ ਹੀ ਮਾਮਲਾ ਗੁਰਦਾਸਪੁਰ ਦੇ ਪਿੰਡ ਅੰਮੋਨੰਗਲ ਤੋਂ ਸਾਹਮਣੇ ਆਇਆ ਹੈ ਜਿੱਥੇ 22 ਸਾਲਾ ਦਾ ਨੌਜਵਾਨ ਕਰਨਪਾਲ ਸਿੰਘ ਕੈਨੇਡਾ ਪੜ੍ਹਾਈ ਕਰਨ ਗਿਆ ਹੋਇਆ ਸੀ ਤੇ ਬੀਤੀ ਰਾਤ ਸੜਕ ਹਾਦਸੇ ‘ਚ ਉਸਦੀ ਮੌਤ ਹੋ ਗਈ।
ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਕਰਨਪਾਲ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ਜੋ ਕੈਨੇਡਾ ਪੜ੍ਹਾਈ ਕਰਨ ਗਿਆ ਸੀ। ਦੇਰ ਰਾਤ ਉਨ੍ਹਾਂ ਨੂੰ ਕਰਨਪਾਲ ਦੇ ਦੋਸਤ ਦਾ ਫੋਨ ਆਇਆ ਕਿ ਕਰਨਪਾਲ ਪੇਪਰ ਦੇ ਕੇ ਵਾਪਸ ਆ ਰਿਹਾ ਸੀ ਤਾਂ ਰਸਤੇ `ਚ ਟਰਾਲੇ ਦੀ ਟੈਕਸੀ ਨਾਲ ਟੱਕਰ ਹੋਣ ਕਾਰਨ ਉਸ ਦੀ ਮੌਤ ਹੋ ਗਈ। ਇਸ ਖਬਰ ਨੂੰ ਸੁਣਦਿਆਂ ਹੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੀੜਤ ਪਰਿਵਾਰ ਨੇ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਪੰਜਾਬ ਲਿਆਂਦਾ ਜਾਵੇ।
ਪੀੜਤ ਪਰਿਵਾਰ ਨੇ ਸਰਕਾਰ ਨੂੰ ਤਾਂ ਮਦਦ ਦੀ ਗੁਹਾਰ ਲਗਾਈ ਹੈ, ਪਰ ਹੁੁਣ ਇਹ ਦੇਖਣਾ ਹੋਵੇਗਾ ਕਿ ਪੰਜਾਬ ਦੇ ਨਵਨਿਯੁਕਤ ਮੁੱਖ ਮੰਤਰੀ ਭਗਵੰਤ ਮਾਨ ਕਦੋਂ ਤੱਕ ਇਸ ਪੀੜਤ ਪਰਿਵਾਰ ਦੀ ਮਦਦ ਕਰਦੇ ਹਨ।