ਫਰੀਦਕੋਟ: ਫਰੀਦਕੋਟ ਪੁਲਿਸ ਨੇ ਵੀਰਵਾਰ ਸਵੇਰੇ ਮੁਕਾਬਲੇ ਤੋਂ ਬਾਅਦ ਸਕਾਰਪੀਓ ਗੱਡੀ ‘ਚ ਜਾ ਰਹੇ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 32 ਬੋਰ ਦਾ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ ਉਰਫ਼ ਗਗਨੀ ਅਤੇ ਲਖਵਿੰਦਰ ਸਿੰਘ ਉਰਫ਼ ਲੱਖੂ ਵਾਸੀ ਅੰਬੇਡਕਰ ਨਗਰ ਜੈਤੋ ਵਜੋਂ ਹੋਈ ਹੈ। ਪੁਲਿਸ ਨੂੰ ਇਨ੍ਹਾਂ ਦੀਆਂ ਗਤੀਵਿਧੀਆਂ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ’ਤੇ ਟੀਮ ਨੇ ਇਨ੍ਹਾਂ ਦਾ ਪਤਾ ਲਗਾਇਆ। ਮੁਕਾਬਲੇ ਤੋਂ ਬਾਅਦ ਦੋਵਾਂ ਨੂੰ ਕਾਬੂ ਕਰ ਲਿਆ ਗਿਆ।
ਸੂਚਨਾ ਮਿਲਣ ‘ਤੇ ਐਸ.ਐਸ.ਪੀ ਡਾ.ਪ੍ਰਗਿਆ ਜੈਨ ਅਤੇ ਹੋਰ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਕਈ ਅਹਿਮ ਜਾਣਕਾਰੀਆਂ ਮਿਲਣ ਦੀ ਉਮੀਦ ਹੈ। ਜਦੋਂ ਪੁਲਿਸ ਨੇ ਸਕਾਰਪੀਓ ਕਾਰ ਵਿੱਚ ਸਵਾਰ ਗਗਨੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਪੁਲਿਸ ਮੁਲਾਜ਼ਮਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬ ‘ਚ ਪੁਲਿਸ ਨੇ ਵੀ ਕਾਰਵਾਈ ਕੀਤੀ, ਜਿਸ ਕਾਰਨ ਗਗਨੀ ਜ਼ਖਮੀ ਹੋ ਗਿਆ। ਜ਼ਖਮੀ ਗਗਨੀ ਨੂੰ ਤੁਰੰਤ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ ਇਕ ਪਿਸਤੌਲ ਅਤੇ ਕਾਰਤੂਸ ਵੀ ਬਰਾਮਦ ਕੀਤੇ ਹਨ। ਗਗਨੀ ‘ਤੇ ਵੱਖ-ਵੱਖ ਅਪਰਾਧਾਂ ‘ਚ ਸ਼ਾਮਲ ਹੋਣ ਦਾ ਦੋਸ਼ ਹੈ ਅਤੇ ਉਹ ਲੰਬੇ ਸਮੇਂ ਤੋਂ ਪੁਲਿਸ ਦੇ ਰਾਡਾਰ ‘ਤੇ ਸੀ। ਪੁਲਿਸ ਨੇ ਇਸ ਮੁਕਾਬਲੇ ਨੂੰ ਇੱਕ ਵੱਡੀ ਸਫਲਤਾ ਦੱਸਿਆ ਹੈ, ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੇ ਬਦਨਾਮ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।