ਨਵੀਂ ਦਿੱਲੀ (ਦਵਿੰਦਰ ਸਿੰਘ) : ਕੇਂਦਰ ਵੱਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਸਾਲ ਨਵੰਬਰ ਤੋਂ ਅੰਦੋਲਨ ਕਰ ਰਹੀਆਂ 40 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਸਾਂਝੀ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ ਚਾਰ ਮਹੀਨੇ ਬਾਅਦ ਸਰਕਾਰ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਲਈ ਤਿਆਰ ਹੈ।
ਸੰਯੁਕਤ ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਤਿੰਨ ਖੇਤੀ ਕਾਨੂੰਨਾਂ ਤੇ ਮੁੜ ਗੱਲਬਾਤ ਸ਼ੁਰੂ ਕਰਨ ਲਈ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਅਤੇ ਕੋਰੋਨਾ ਮਹਾਮਾਰੀ ਦੇ ਬਚਾਅ ਲਈ ਵਾਜਬ ਕਦਮ ਚੁੱਕਣ ਦੀ ਮੰਗ ਵੀ ਕੀਤੀ ਹੈ।
ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਕਿਸਾਨ ਆਗੂਆਂ ਨੇ ਕਿਸਾਨ ਅੰਦੋਲਨ ‘ਤੇ ਸਰਕਾਰ ਦੇ ਹੰਕਾਰੀ ਰਵੱਈਏ ਦਾ ਵੀ ਜ਼ਿਕਰ ਕੀਤਾ। ਕਿਸਾਨ ਮੋਰਚੇ ਨੇ ਕਿਹਾ ਕਿ ਮਹਾਮਾਰੀ ਵਿੱਚ ਕਿਸੇ ਦੀ ਵੀ ਸਿਹਤ ਨੂੰ ਖਤਰੇ ‘ਚ ਨਹੀਂ ਪਾ ਰਹੇ, ਪਰ ਉਹ ਅੰਦੋਲਨ ਨੂੰ ਵੀ ਛੱਡਕੇ ਨਹੀਂ ਜਾ ਸਕਦੇ ਕਿਉਂਕਿ ਇਹ ਜ਼ਿੰਦਗੀ ਮੌਤ ਅਤੇ ਉਹਨਾਂ ਦੀਆਂ ਆਉਣ ਵਾਲੀਆਂ ਪੀੜੀਆਂ ਦਾ ਸਵਾਲ ਹੈ।