ਨਿਊਜ਼ ਡੈਸਕ: ਪੰਜਾਬ ਦੇ ਕਿਸਾਨਾਂ ਦੇ ਦਿੱਲੀ ਕੂਚ ਵਿਚਾਲੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਾਵੇਂ ਰਾਕੇਸ਼ ਟਿਕੈਤ ਸਮੇਤ ਸੰਯੁਕਤ ਕਿਸਾਨ ਮੋਰਚਾ ਦੇ ਕਈ ਕਿਸਾਨ ਆਗੂਆਂ ਨੂੰ ਇਸ ਅੰਦੋਲਨ ‘ਚ ਸ਼ਾਮਲ ਨਹੀਂ ਕੀਤਾ ਗਿਆ। ਇਸ ਦੇ ਬਾਵਜੂਦ ਭਾਕਿਯੂ ਬੁਲਾਰੇ ਰਾਕੇਸ਼ ਟਿਕੈਤ ਨੇ ਕਿਸਾਨਾਂ ਨਾਲ ਖੜ੍ਹੇ ਰਹਿਣ ਦੀ ਗੱਲ ਕਹੀ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ‘ਦਿੱਲੀ ਚੱਲੋ’ ਦੇ ਪ੍ਰੋਗਰਾਮ ਬਾਰੇ ਕੋਈ ਸੱਦਾ ਨਹੀਂ ਭੇਜਿਆ ਗਿਆ ਪਰ ਜੇ ਸਰਕਾਰ ਨੇ ਕਿਸਾਨਾਂ ’ਤੇ ਕਿਸੇ ਵੀ ਤਰ੍ਹਾਂ ਦਾ ਤਸ਼ੱਦਦ ਕੀਤਾ ਤਾਂ ਉਨ੍ਹਾਂ ਲਈ ਦਿੱਲੀ ਦੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਜਿੱਥੇ ਕਿਤੇ ਵੀ ਕਿਸਾਨਾਂ ਨਾਲ ਧੱਕਾ ਹੋਵੇਗਾ, ਉਹ ਉਥੇ ਜਾ ਕੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨਗੇੇ।
ਟਿਕੈਤ ਨੇ ਅੱਗੇ ਕਿਹਾ ਕਿ ਸਾਡੇ ਸਾਰਿਆਂ ਦੇ ਮੁੱਦੇ ਇਕ ਹਨ। ਕਰਜ਼ ਮੁਆਫ਼ੀ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ ਅਤੇ ਐੱਮ.ਐੱਸ.ਪੀ. ਲਈ ਕਾਨੂੰਨ ਬਣਾਉਣਾ। ਉਨ੍ਹਾਂ ਕਿਹਾ ਕਿ ਸਾਡੇ ਤੋਂ ਨਾ ਕਿਸਾਨ ਦੂਰ ਹੈ, ਨਾ ਹੀ ਦਿੱਲੀ ਦੂਰ ਹੈ। ਕਿਸਾਨ ਜੇਕਰ ਆਪਣੀ ਗੱਲ ਕਰਨਾ ਚਾਹੁੰਦੇ ਹਨ ਤਾਂ ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ। ਦਸ ਦਈਏ ਕਿ ਇਸ ਅੰਦੋਲਨ ਤੋਂ ਪਹਿਲਾਂ ਹੀ ਭਾਕਿਯੂ 16 ਫਰਵਰੀ ਨੂੰ ਕਿਸਾਨ, ਕੰਮ ਬੰਦ ਦਾ ਐਲਾਨ ਕਰ ਚੁੱਕੀ ਹੈ। 16 ਫਰਵਰੀ ਨੂੰ ਕਿਸਾਨ ਖੇਤਾਂ ‘ਚ ਕੰਮ ਨਹੀਂ ਰਕਨਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।