ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਤੋਂ ਇਲਾਵਾ ਸਾਰੀਆਂ ਪਾਰਟੀਆਂ ਨੇ ਕਿਹਾ ਕਿ ਉਹ ਪੰਜਾਬ ਵਿੱਚ ਹਾਲ ਦੀ ਘੜੀ ਸਿਆਸੀ ਸਰਗਰਮੀਆਂ ਨਹੀਂ ਕਰਨਗੇ।
ਰਾਜੇਵਾਲ ਨੇ ਮੰਗ ਕੀਤੀ ਕਿ ਕਿਸਾਨ ਆਗੂਆਂ ‘ਤੇ ਕੀਤੇ ਪਰਚੇ ਰੱਦ ਕੀਤੇ ਜਾਣ। ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਸਪੱਸ਼ਟ ਕਹਿ ਦਿੱਤਾ ਕਿ ਜੇਕਰ ਪੰਜਾਬ ‘ਚ ਸਿਆਸੀ ਸਰਗਰਮੀ ਚੱਲਣਗੀਆਂ ਤਾਂ ਕਿਸਾਨ ਸੰਘਰਸ਼ ਤੋਂ ਲੋਕਾਂ ਦਾ ਧਿਆਨ ਲਾਂਭੇ ਹੋ ਜਾਵੇਗਾ।
ਕਾਂਗਰਸ ਅਤੇ ਅਕਾਲੀ ਦਲ ਨੇ ਕਿਸਾਨ ਆਗੂਆਂ ਨੂੰ ਕਿਹਾ ਕਿ ਹਾਈਕਮਾਂਡ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਉਹ ਆਪਣਾ ਸਪਸ਼ਟ ਜਵਾਬ ਦੇ ਸਕਦੇ ਸਨ।
ਇਸ ਮੀਟਿੰਗ ਵਿੱਚ ਕਾਂਗਰਸ ਪਾਰਟੀ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਜਨਰਲ ਸਕੱਤਰ ਪਰਗਟ ਸਿੰਘ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਸ਼ਾਮਲ ਹੋਏ।
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾ, ਵਿਧਾਇਕ ਅਮਨ ਅਰੋੜਾ, ਬਲਜਿੰਦਰ ਕੌਰ ਤੇ ਜਗਤਾਰ ਸਿੰਘ ਸੰਘੇੜਾ ਕਿਸਾਨਾਂ ਨਾਲ ਮੀਟਿੰਗ ਵਿੱਚ ਸ਼ਾਮਲ ਹੋਏ।
ਅਕਾਲੀ ਦਲ ਵਲੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਪਹੁੰਚੇ। ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ ਤੇ ਪਰਮਿੰਦਰ ਸਿੰਘ ਢੀਂਡਸਾ ਕਿਸਾਨਾਂ ਨਾਲ ਹੋਈ ਮੀਟਿੰਗ ਲਈ ਪਹੁੰਚੇ ਸਨ।