ਚੰਡੀਗੜ੍ਹ: ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਦਿੱਲੀ ਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਦੋਵਾਂ ਥਾਵਾਂ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪਾਂ ਹੋ ਰਹੀਆਂ ਹਨ। ਪੁਲਿਸ ਰਬੜ ਦੀਆਂ ਗੋਲੀਆਂ ਅਤੇ ਅੱਥਰੂ ਗੈਸ ਦੇ ਗੋਲੇ ਚਲਾ ਕੇ ਕਿਸਾਨਾਂ ਨੂੰ ਰੋਕ ਰਹੀ ਹੈ।
ਇੱਥੇ ਖਨੌਰੀ ਸਰਹੱਦ ‘ਤੇ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਬਠਿੰਡਾ, ਪੰਜਾਬ ਦਾ ਵਸਨੀਕ ਸੀ। ਉਸ ਤੋਂ ਇਲਾਵਾ 12 ਹੋਰ ਕਿਸਾਨ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਸੁਖਪਾਲ ਖਹਿਰਾ ਵਲੋਂ ਦੁੱਖ ਸਾਂਝਾ ਕਰਦਿਆਂ ਮ੍ਰਿਤਕ ਨੌਜਵਾਨ ਦੀ ਤਸਵੀਰ ਜਾਰੀ ਕੀਤੀ ਗਈ ਹੈ। ਉਹਨਾਂ ਲਿਖਿਆ ਕਿ ‘ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਅੱਜ ਹਰਿਆਣਾ ਪੁਲਿਸ ਵੱਲੋਂ ਕੀਤੀ ਕਾਰਵਾਈ ‘ਚ ਮਾਰੇ ਗਏ ਕਿਸਾਨ ਸ਼ੁਬਕਰਨ ਪੁੱਤਰ ਚਰਨਜੀਤ ਸਿੰਘ ਵਾਸੀ ਬੱਲੋ ਜ਼ਿਲ੍ਹਾ ਬਠਿੰਡਾ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ।’
My heartfelt condolences to the family of deceased farmer Shubkaran son of Charanjit Singh of V.Ballo District Bathinda who was shot by Haryana police today at Khannauri border during #FarmerProtest2024. This is matter of grave concern and at the same time shame for @BhagwantMann… pic.twitter.com/WgXiLxMd4i
— Sukhpal Singh Khaira (@SukhpalKhaira) February 21, 2024
ਉੱਥੇ ਹੀ ਟੋਹਾਣਾ ਬਾਰਡਰ ‘ਤੇ ਤਾਇਨਾਤ ਐਸਆਈ ਵਿਜੇ ਕੁਮਾਰ ਦੀ ਤਬੀਅਤ ਅਚਾਨਕ ਵਿਗੜ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸਰਵਣ ਪੰਧੇਰ ਨੂੰ ਅੱਥਰੂ ਗੈਸ ਦਾ ਸਾਹਮਣਾ ਕਰਨਾ ਪਿਆ ਅਤੇ ਪ੍ਰਦਰਸ਼ਨ ਵਾਲੀ ਥਾਂ ਤੋਂ ਬਾਹਰ ਕੱਢਿਆ ਗਿਆ। ਲਹਿਰ ਦੇ ਇੱਕ ਹੋਰ ਵੱਡੇ ਆਗੂ ਜਗਜੀਤ ਡੱਲੇਵਾਲ ਨੂੰ ਵੀ ਅੱਥਰੂ ਗੈਸ ਕਾਰਨ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਉਨ੍ਹਾਂ ਨੂੰ ਵੀ ਬਾਹਰ ਕੱਢ ਲਿਆ ਗਿਆ ਹੈ।
ਉੱਥੇ ਹੀ ਦੂਜੇ ਪਾਸੇ ਜੀਂਦ ਦੇ ਪੁਲਿਸ ਸੁਪਰਡੈਂਟ ਸੁਮਿਤ ਕੁਮਾਰ ਨੇ ਦੱਸਿਆ – ਕਿਸਾਨ ਅੰਦੋਲਨ ਦੌਰਾਨ ਕੁਝ ਲੋਕਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਦਿੱਤੀ ਅਤੇ ਮਿਰਚਾਂ ਪਾ ਦਿੱਤੀਆਂ। ਇਸ ਤੋਂ ਬਾਅਦ ਪੁਲਿਸ ‘ਤੇ ਹਮਲਾ ਕੀਤਾ ਗਿਆ। ਭਾਰੀ ਧੂੰਏਂ ਕਾਰਨ ਕਈ ਕਿਸਾਨਾਂ ਨੇ ਪੁਲਿਸ ‘ਤੇ ਤਲਵਾਰਾਂ, ਬਰਛਿਆਂ ਅਤੇ ਗੰਡਾਸੇ ਨਾਲ ਹਮਲਾ ਕਰ ਦਿੱਤਾ। ਹਮਲੇ ‘ਚ 12 ਪੁਲਿਸ ਮੁਲਾਜ਼ਮ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ।