ਫ਼ਤਿਹਗੜ੍ਹ ਸਾਹਿਬ: ਕਿਸਾਨ ਜਥੇਬੰਦੀਆਂ ਵੱਲੋਂ ਬੀਤੇ ਦਿਨੀ ਖੇਤੀ ਕਾਨੂੰਨ ਖਿਲਾਫ਼ ਸੁਪਰੀਮ ਕੋਰਟ ‘ਚ ਪਟੀਸ਼ਨ ਪਾਈ ਗਈ ਸੀ ਤੇ ਅਦਾਲਤ ਨੂੰ ਮੰਗ ਕੀਤੀ ਸੀ ਕਿ ਇਹ ਕਾਨੂੰਨ ਰੱਦ ਕੀਤੇ ਜਾਣ। ਪਰ ਹੁਣ ਕਿਸਾਨ ਜਥੇਬੰਦੀਆਂ ਨੇ ਇਹ ਪਟੀਸ਼ਨ ਵਾਪਸ ਲੈਣ ਦਾ ਫੈਸਲਾ ਲਿਆ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਾਨੂੰ ਸੁਪਰੀਮ ਕੋਰਟ ‘ਤੇ ਵਿਸ਼ਵਾਸ ਨਹੀਂ ਹੈ।
ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਬੰਦ ਕਮਰੇ ‘ਚ ਮੀਟਿੰਗ ਹੋਈ। ਜਿੱਥੇ ਇਹ ਵੱਡਾ ਫੈਸਲਾ ਲਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਕਿਸਾਨਾਂ ਦੇ ਹੱਕ ‘ਚ ਫੈਸਲਾ ਸੁਣਾਏਗਾ ਜਾਂ ਨਹੀਂ ਇਸ ‘ਤੇ ਸਾਨੂੰ ਵਿਸ਼ਵਾਸ਼ ਨਹੀਂ ਹੈ।
ਜੇਕਰ ਖੇਤੀ ਸੁਧਾਰ ਬਿੱਲਾਂ ਨੂੰ ਵਾਪਸ ਕਰਵਾਉਣ ਹੈ ਤਾਂ ਸਰਕਾਰ ਨੂੰ ਅੰਦੋਲਨ ਨਾਲ ਹੀ ਝੁਕਾਇਆ ਜਾ ਸਕਦਾ ਹੈ ਜਿਸ ਤਰ੍ਹਾਂ ਕਿਸਾਨ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਐੱਸਵਾਈਐੱਲ ਮੁੱਦੇ ‘ਤੇ ਸਰਕਾਰ ਨੂੰ ਅੰਦੋਲਨ ਕਰਕੇ ਝੁਕਾਇਆ ਸੀ। ਉਨ੍ਹਾਂ ਕਿਹਾ ਕਿ ਉਹ ਭਰਾਤਰੀ ਜਥੇਬੰਦੀਆਂ ਦੇ ਨਾਲ ਚਟਾਨ ਦੀ ਤਰ੍ਹਾਂ ਖੜ੍ਹੇ ਹਨ ਅਤੇ ਅੰਦੋਲਨ ‘ਚ ਸ਼ਾਮਲ ਹੋ ਕੇ ਭਾਰਤੀ ਕਿਸਾਨ ਜਥੇਬੰਦੀਆਂ ਦਾ ਸਾਥ ਦੇਣਗੇ।