ਕਿਸਾਨ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਸਾਡੀ ਜ਼ਮੀਨ ਦੇ ਰਖਵਾਲੇ ਤੇ ਸਾਡੀ ਖੁਰਾਕ ਸੁਰੱਖਿਆ ਦੇ ਸਰਪਰਸਤ ਹਨ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ

Global Team
2 Min Read

ਅੰਮ੍ਰਿਤਸਰ: ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐਮ ਕਿਸਾਨ ਸੰਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕਰਨ ਦੇ ਸਬੰਧ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੋਂ ਕਈ ਕਿਸਾਨਾਂ ਅਤੇ ਪਤਵੰਤਿਆਂ ਨਾਲ ਇਸ ਪ੍ਰੋਗਰਾਮ ਵਿੱਚ ਜੁੜੇ।

ਇਸ ਮੌਕੇ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਕਿਸਾਨਾਂ ਦੀ ਭਲਾਈ ਹੈ। ਕਿਸਾਨ ਭਾਰਤ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਉਹ ਸਾਡੀ ਧਰਤੀ ਦੇ ਰਖਵਾਲੇ ਹਨ ਅਤੇ ਸਾਡੀ ਭੋਜਨ ਸੁਰੱਖਿਆ ਦੇ ਸਰਪਰਸਤ ਹਨ।”

ਉਨ੍ਹਾਂ ਕਿਹਾ, “ਸਾਡੇ ਕਿਸਾਨ ਹੁਣ ਊਰਜਾ ਉਤਪਾਦਕ ਬਣ ਗਏ ਹਨ। ਪਹਿਲਾਂ ਕੁੱਲ ਐੱਥਨੋਲ ਬਲੈਂਡਿੰਗ 1.5% ਸੀ, ਪਰ ਹੁਣ ਇਹ 19.6% ‘ਤੇ ਪਹੁੰਚ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ 90,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ ਗਿਆ ਹੈ। ਕੇਂਦਰ ਸਰਕਾਰ ਦੇਸ਼ ਭਰ ਵਿੱਚ ਐੱਥਨੋਲ ਬਲੈਂਡਿੰਗ ਨੂੰ ਵਧਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ। ਪਿਛਲੇ ਤਿੰਨ ਸਾਲਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੇਠਾਂ ਆਈਆਂ ਹਨ।”

ਕੇਂਦਰੀ ਮੰਤਰੀ ਨੇ ਕਿਹਾ, “ਦੇਸ਼ ਦੇ 11 ਕਰੋੜ ਤੋਂ ਵੱਧ ਕਿਸਾਨਾਂ ਨੂੰ 18 ਕਿਸ਼ਤਾਂ ਰਾਹੀਂ 3.45 ਲੱਖ ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। 19ਵੀਂ ਕਿਸ਼ਤ ਜਾਰੀ ਹੋਣ ਨਾਲ ਕਿਸਾਨਾਂ ਦੇ ਖਾਤਿਆਂ ਵਿੱਚ ਕੁੱਲ 3.68 ਲੱਖ ਕਰੋੜ ਰੁਪਏ ਪਹੁੰਚ ਜਾਣਗੇ। 19ਵੀਂ ਕਿਸ਼ਤ ਜਾਰੀ ਹੋਣ ਨਾਲ ਦੇਸ਼ ਭਰ ਵਿੱਚ 2.41 ਕਰੋੜ ਤੋਂ ਵੱਧ ਮਹਿਲਾ ਕਿਸਾਨਾਂ ਸਣੇ 9.8 ਕਰੋੜ ਤੋਂ ਵੱਧ ਕਿਸਾਨਾਂ ਨੂੰ ਫਾਇਦਾ ਹੋਵੇਗਾ।” ਆਪਣੇ ਸੰਬੋਧਨ ਤੋਂ ਬਾਅਦ ਕੇਂਦਰੀ ਮੰਤਰੀ ਨੇ ਸਟੇਜ ‘ਤੇ ਕਿਸਾਨਾਂ ਹੋਰ ਪਤਵੰਤਿਆਂ ਨੂੰ ਸਨਮਾਨਿਤ ਵੀ ਕੀਤਾ।

Share This Article
Leave a Comment