ਬਰਨਾਲਾ : ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਗਏ ਚੱਕਾ ਜਾਮ ਸੱਦੇ ਦਾ ਅਸਰ ਬਰਨਾਲਾ ਵਿੱਚ ਵੀ ਦੇਖਣ ਨੂੰ ਮਿਲਿਆ। ਤਪਾ ਮੰਡੀ ਵਿੱਚ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਕਾਨੂੰਨ ਖਿਲਾਫ਼ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਚੱਕਾ ਜਾਮ ਕੀਤਾ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਸਾਡਾ ਧਰਨਾ ਇਵੇਂ ਹੀ ਚੱਲਦਾ ਰਹੇਗਾ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਲਈ ਤਿੰਨ ਕਾਲੇ ਕਾਨੂੰਨ ਲਿਆਂਦੇ ਹਨ। ਕਿਸਾਨਾਂ ਨੂੰ ਇਹਨਾਂ ਕਾਨੂੰਨਾਂ ਨਾਲ ਕੋਈ ਲਾਭ ਨਹੀਂ ਹੋਵੇਗਾ, ਉਲਟਾ ਕਿਸਾਨੀ ਨੂੰ ਬਰਬਾਦ ਕਰ ਦੇਣਗੇ।
ਇਸ ਦੌਰਾਨ ਆਮ ਲੋਕਾਂ ਨੂੰ ਰਸਤੇ ਵਿੱਚ ਪਰੇਸ਼ਾਨੀਆਂ ਤਾਂ ਕਾਫੀ ਆਈਆਂ ਪਰ ਲੋਕਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਲੋਕਾਂ ਨੇ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਰਵੱਈਆ ਵਰਤ ਰਹੀ ਹੈ। ਪਹਿਲਾਂ ਨੋਟਬੰਦੀ ਕਰਕੇ ਦੇਸ਼ ਦੀ ਅਰਥਵਿਵਸਥਾ ਨੂੰ ਤਬਾਹ ਕਰ ਦਿੱਤਾ।
ਫਿਰ ਜੀਐਸਟੀ ਲਗਾ ਕੇ ਵਪਾਰੀ ਵਰਗ ਦਾ ਕੰਮ ਠੱਪ ਕਰ ਦਿੱਤਾ ਅਤੇ ਹੁਣ ਤਿੰਨ ਕਾਲੇ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਬਰਬਾਦ ਕਰਨ ਦੀ ਤਿਆਰੀ ‘ਚ ਹੈ। ਜੇਕਰ ਕਿਸਾਨਾਂ ਨੂੰ ਇਹ ਕਾਨੂੰਨ ਪਸੰਦ ਨਹੀਂ ਹਨ ਤਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਇਹਨਾਂ ਨੂੰ ਵਾਪਸ ਕਿਉਂ ਨਹੀਂ ਲੈਂਦੇ ?