ਅੰਮ੍ਰਿਤਸਰ: ਖੇਤੀ ਕਾਨੂੰਨਾਂ ਖ਼ਿਲਾਫ਼ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਰੇਲਵੇ ਟਰੈਕ ‘ਤੇ ਕਿਸਾਨ ਜਥੇਬੰਦੀ ਵੱਲੋਂ ਲਗਾਇਆ ਗਿਆ ਧਰਨਾ ਅੱਜ 38ਵੇਂ ਦਿਨ ‘ਚ ਪਹੁੰਚ ਗਿਆ ਹੈ। ਇੱਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨ ਲਗਾਤਾਰ ਧਰਨਾ ਦੇ ਰਹੇ ਹਨ ਅਤੇ ਕੇਂਦਰ ਦੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਅੱਜ ਕਿਸਾਨਾਂ ਦਾ ਗੁੱਸਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ‘ਤੇ ਫੁੱਟਿਆ ਹੈ।
ਕਿਸਾਨਾਂ ਨੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਮੋਦੀ ਹਕੂਮਤ ਦਾ ਪੱਖ ਪੂਰਦੇ ਹੋਏ ਕਿਸਾਨ ਮਜ਼ਦੂਰਾਂ ਤੇ ਆਮ ਜਨਤਾ ਦੇ ਨਾਲ ਧੋਖਾ ਕੀਤਾ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਰਨਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨਾਂ ਨੂੰ ਦਬਾਉਣਾ ਚਾਹੁੰਦੀ ਹੈ, ਇਹ ਅਸੀਂ ਕਦੀ ਵੀ ਨਹੀਂ ਹੋਣ ਦੇਵਾਂਗੇ। ਇਸ ਦੇ ਨਾਲ ਹੀ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਵੀ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।