ਜਲੰਧਰ : ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਲੱਗਾ ਧਰਨਾ ਸ਼ਨਿੱਚਰਵਾਰ ਨੂੰ ਦੂਜੇ ਦਿਨ ਵੀ ਜਾਰੀ ਹੈ। ਕਿਸਾਨ ਗੰਨੇ ਦੀ ਕੀਮਤ ‘ਚ ਵਾਧਾ ਅਤੇ ਬਕਾਇਆ ਰਾਸ਼ੀ ਲੈਣ ਲਈ ਪ੍ਰਦਰਸ਼ਨ ਕਰ ਰਹੇ ਹਨ।
ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਮੰਗਲਵਾਰ ਸਵੇਰੇ 10 ਵਜੇ ਤੱਕ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੂਰੇ ਪੰਜਾਬ ਵਿਚ ਹਾਈਵੇਅ ਜਾਮ ਕੀਤੇ ਜਾਣਗੇ।
ਇਸ ਦੀ ਜਾਣਕਾਰੀ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਮਨਜੀਤ ਸਿੰਘ ਰਾਏ ਵਲੋਂ ਦਿੱਤੀ ਗਈ। ਮਨਜੀਤ ਸਿੰਘ ਰਾਏ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਐਤਵਾਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਕਿਸਾਨਾਂ ਨੂੰ ਮੀਟਿੰਗ ਲਈ ਸੱਦਿਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਅਸੀਂ ਮੀਟਿੰਗ ਵਿਚ ਆਪਣੀ ਇੱਕੋ ਮੰਗ ‘ਤੇ ਡਟੇ ਰਹਾਂਗੇ ਕਿ ਗੰਨੇ ਦਾ ਭਾਅ 400 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਮੰਗਲਵਾਰ ਨੂੰ ਸਵੇਰੇ ਦੱਸ ਵਜੇ ਤੋਂ ਪੰਜਾਬ ਭਰ ਵਿਚ ਚੱਕਾ ਜਾਮ ਕੀਤਾ ਜਾਵੇਗਾ। ਫਿਲਹਾਲ ਧੰਨੋਵਾਲੀ ਰੇਲਵੇ ਫਾਟਕ ਅਤੇ ਜਲੰਧਰ ਦਿੱਲੀ ਨੈਸ਼ਨਲ ਹਾਈਵੇਅ ਪੂਰਨ ਤੌਰ ‘ਤੇ ਬੰਦ ਰਹੇਗਾ।
ਜਲੰਧਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਲੱਗੇ ਧਰਨੇ ਕਾਰਨ ਆਮ ਲੋਕਾਂ ਨੂੰ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸਦਾ ਅਸਰ ਖੰਨਾ-ਲੁਧਿਆਣਾ ਸੜਕ ਤੇ ਵੀ ਨਜ਼ਰ ਆਇਆ, ਜਿੱਥੇ ਲੱਗੇ ਜਾਮ ਕਾਰਨ ਮੁਸਾਫ਼ਰਾਂ ਨੂੰ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਘੰਟਿਆਂ ਦਾ ਇੰਤਜ਼ਾਰ ਕਰਨਾ ਪੈ ਰਿਹਾ ਹੈ।