ਪ੍ਰਧਾਨ ਮੰਤਰੀ ਦੀ ਜਾਨ ਨੂੰ ਖਤਰਾ ਪੂਰੀ ਤਰ੍ਹਾਂ ਮਨਘੜਤ ਕਹਾਣੀ, ਮੋਦੀ ਦੇ ਦੌਰੇ ਨੂੰ ਰੋਕਣ ਦਾ ਕੋਈ ਨਹੀਂ ਸੀ ਪ੍ਰੋਗਰਾਮ : ਕਿਸਾਨ ਮੋਰਚਾ

TeamGlobalPunjab
2 Min Read

ਚੰਡੀਗੜ੍ਹ : ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਬਿਆਨ ਸਾਹਮਣੇ ਆਇਆ ਹੈ। ਮੋਰਚੇ ਦਾ ਕਹਿਣਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 5 ਜਨਵਰੀ ਨੂੰ ਪੰਜਾਬ ਦੇ ਪ੍ਰਸਤਾਵਿਤ ਦੌਰੇ ਦੀ ਖ਼ਬਰ ਮਿਲਦਿਆਂ ਹੀ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ 10 ਕਿਸਾਨ ਜਥੇਬੰਦੀਆਂ ਨੇ ਅਜੈ ਮਿਸ਼ਰਾ ਟੈਣੀ ਦੀ ਗ੍ਰਿਫ਼ਤਾਰੀ ਅਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਪ੍ਰਤੀਕਾਤਮਕ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ।

ਇਸ ਮਕਸਦ ਲਈ 2 ਜਨਵਰੀ ਨੂੰ ਪੰਜਾਬ ਭਰ ਦੇ ਪਿੰਡ ਪੱਧਰ ’ਤੇ ਅਤੇ 5 ਜਨਵਰੀ ਨੂੰ ਜ਼ਿਲ੍ਹਾ ਤੇ ਤਹਿਸੀਲ ਹੈੱਡਕੁਆਰਟਰਾਂ ’ਤੇ ਰੋਸ ਧਰਨੇ ਅਤੇ ਪੁਤਲੇ ਫੂਕਣ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਦੇ ਦੌਰੇ ਨੂੰ ਰੋਕਣ ਜਾਂ ਉਨ੍ਹਾਂ ਦੇ ਪ੍ਰੋਗਰਾਮ ਵਿੱਚ ਰੁਕਾਵਟ ਪਾਉਣ ਦਾ ਕੋਈ ਪ੍ਰੋਗਰਾਮ ਨਹੀਂ ਸੀ।

ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ 5 ਜਨਵਰੀ ਨੂੰ ਪੰਜਾਬ ਦੇ ਹਰ ਜ਼ਿਲ੍ਹਾ ਅਤੇ ਤਹਿਸੀਲ ਹੈੱਡਕੁਆਰਟਰ ‘ਤੇ ਸ਼ਾਂਤਮਈ ਰੋਸ ਮੁਜ਼ਾਹਰੇ ਕੀਤੇ ਗਏ। ਪੁਲੀਸ ਪ੍ਰਸ਼ਾਸਨ ਵੱਲੋਂ ਜਦੋਂ ਕੁਝ ਕਿਸਾਨਾਂ ਨੂੰ ਜ਼ਿਲ੍ਹਾ ਹੈੱਡਕੁਆਰਟਰ ਫਿਰੋਜ਼ਪੁਰ ਵੱਲ ਜਾਣ ਤੋਂ ਰੋਕਿਆ ਗਿਆ ਤਾਂ ਉਨ੍ਹਾਂ ਕਈ ਥਾਵਾਂ ’ਤੇ ਸੜਕ ’ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ। ਇਨ੍ਹਾਂ ਵਿੱਚੋਂ ਪਿਆਰੇਆਣਾ ਦਾ ਉਹ ਫਲਾਈਓਵਰ ਵੀ ਸੀ ਜਿੱਥੇ ਪ੍ਰਧਾਨ ਮੰਤਰੀ ਦਾ ਕਾਫ਼ਲਾ ਆਇਆ, ਰੁਕਿਆ ਅਤੇ ਵਾਪਸ ਚਲਾ ਗਿਆ। ਉਥੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੋਈ ਠੋਸ ਸੂਚਨਾ ਨਹੀਂ ਸੀ ਕਿ ਪ੍ਰਧਾਨ ਮੰਤਰੀ ਦਾ ਕਾਫਲਾ ਉਥੋਂ ਲੰਘਣ ਵਾਲਾ ਹੈ। ਉਨ੍ਹਾਂ ਨੂੰ ਇਹ ਜਾਣਕਾਰੀ ਪ੍ਰਧਾਨ ਮੰਤਰੀ ਦੀ ਵਾਪਸੀ ਤੋਂ ਬਾਅਦ ਮੀਡੀਆ ਤੋਂ ਮਿਲੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੌਕੇ ਦੀ ਵੀਡੀਓ ਤੋਂ ਸਾਫ਼ ਹੈ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਵੱਲ ਜਾਣ ਦੀ ਵੀ ਕੋਈ ਕੋਸ਼ਿਸ਼ ਨਹੀਂ ਕੀਤੀ। ਉਸ ਕਾਫਲੇ ਦੇ ਨੇੜੇ ਭਾਜਪਾ ਦਾ ਝੰਡਾ ਬੁਲੰਦ ਕਰਨ ਵਾਲਾ ‘ਨਰਿੰਦਰ ਮੋਦੀ ਜ਼ਿੰਦਾਬਾਦ’ ਕਹਿ ਰਿਹਾ ਇੱਕ ਗਰੁੱਪ ਹੀ ਪਹੁੰਚਿਆ ਸੀ। ਇਸ ਲਈ ਪ੍ਰਧਾਨ ਮੰਤਰੀ ਦੀ ਜਾਨ ਨੂੰ ਖਤਰਾ ਪੂਰੀ ਤਰ੍ਹਾਂ ਮਨਘੜਤ ਜਾਪਦਾ ਹੈ।

- Advertisement -

ਉਨ੍ਹਾਂ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਆਪਣੀ ਰੈਲੀ ਦੀ ਅਸਫਲਤਾ ਨੂੰ ਲੁਕਾਉਣ ਲਈ ਪ੍ਰਧਾਨ ਮੰਤਰੀ ਨੇ “ਕਿਸੇ ਤਰ੍ਹਾਂ ਆਪਣੀ ਜਾਨ ਬਚਾਈ” ਦਾ ਬਹਾਨਾ ਲਾ ਕੇ ਪੰਜਾਬ ਅਤੇ ਕਿਸਾਨ ਅੰਦੋਲਨ ਦੋਵਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ।

Share this Article
Leave a comment