ਨਿਊਜ਼ ਡੈਸਕ: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਵਿਚ ਕਿਸਾਨ ਬੁੱਧਵਾਰ ਨੂੰ ਤਣਾਅਪੂਰਨ ਹਾਲਾਤ ਦਰਮਿਆਨ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੋਂ ਦਿੱਲੀ ਵੱਲ ਰਵਾਨਾ ਹੋਣਗੇ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਕਿਹਾ ਹੈ ਕਿ ਤੁਸੀਂ ਸਾਨੂੰ ਮਾਰ ਸਕਦੇ ਹੋ, ਪਰ ਮਿਹਰਬਾਨੀ ਕਰਕੇ ਕਿਸਾਨਾਂ ‘ਤੇ ਜ਼ੁਲਮ ਨਾ ਕਰੋ। ਅਸੀਂ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਦੇ ਹਾਂ ਕਿ ਇਸ ਮੋਰਚੇ ਦੇ ਸ਼ਾਂਤੀਪੂਰਵਕ ਹੱਲ ਲਈ ਉਹ ਅੱਗੇ ਆਉਣ ਅਤੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦਾ ਇੱਕ ਕਾਨੂੰਨ ਬਣਾਉਣ ਦਾ ਐਲਾਨ ਕਰਕੇ ਇਸ ਵਿਰੋਧ ਨੂੰ ਖਤਮ ਕਰਨ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ, ‘ਅਸੀਂ ਪੂਰੀ ਕੋਸ਼ਿਸ਼ ਕੀਤੀ। ਅਸੀਂ ਮੀਟਿੰਗਾਂ ਵਿਚ ਸ਼ਾਮਲ ਹੋਏ, ਹਰ ਨੁਕਤੇ ‘ਤੇ ਚਰਚਾ ਹੋਈ ਅਤੇ ਹੁਣ ਫੈਸਲਾ ਕੇਂਦਰ ਸਰਕਾਰ ਨੇ ਲੈਣਾ ਹੈ। ਅਸੀਂ ਸ਼ਾਂਤ ਰਹਾਂਗੇ। ਪ੍ਰਧਾਨ ਮੰਤਰੀ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਾਡੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। 1.5-2 ਲੱਖ ਕਰੋੜ ਰੁਪਏ ਕੋਈ ਬਹੁਤ ਵੱਡੀ ਰਕਮ ਨਹੀਂ ਹੈ ਇਨ੍ਹਾਂ ਰੁਕਾਵਟਾਂ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ ਅਤੇ ਸਾਨੂੰ ਦਿੱਲੀ ਵੱਲ ਮਾਰਚ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।’
ਹਰਿਆਣਾ ਪੁਲਿਸ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਬੈਰੀਕੇਡ ਤੋੜੇ ਤਾਂ ਕਾਨੂੰਨੀ ਕਾਰਵਾਈ ਹੋਵੇਗੀ। ਨੀਮ ਫੌਜੀ ਬਲਾਂ ਨੂੰ ਘੱਗਰ ਦਰਿਆ ਉਤੇ ਤਾਇਨਾਤ ਕੀਤਾ ਗਿਆ ਹੈ। ਪੰਜਾਬ ਹਰਿਆਣਾ ਸੀਮਾ ਉਤੇ ਪੈਂਦੇ ਸਾਰੇ ਛੋਟੇ ਵੱਡੇ ਰਸਤਿਆਂ ’ਤੇ ਪੁਲਿਸ ਦਾ ਪਹਿਰਾ ਵਧਾ ਦਿੱਤਾ ਗਿਆ ਹੈ। ਦੱਸ ਦਈਏ ਕਿ ਕੁਝ ਹੀ ਦੇਰ ਵਿਚ ਕਿਸਾਨ ਵੱਡੇ ਕਾਫਲਿਆਂ ਦੇ ਰੂਪ ਵਿਚ ਪੰਜਾਬ ਤੇ ਹਰਿਆਣਾ ਦੇ ਬਾਰਡਰਾਂ ਤੋਂ ਅੱਗੇ ਦਿੱਲੀ ਵੱਲ ਰਵਾਨਾ ਹੋਣਗੇ। ਇਸ ਦੌਰਾਨ ਸ਼ੰਭੂ ਬੈਰੀਅਰ ਉਤੇ ਕਿਸਾਨਾਂ ਦੀ ਗਿਣਤੀ ਵਧ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।