ਚੰਡੀਗੜ੍ਹ: ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਲੱਗਭਗ 9 ਮਹੀਨਿਆਂ ਤੋਂ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਧਰਨੇ ‘ਤੇ ਬੈਠੇ ਹੋਏ ਹਨ। ਇਸ ਦੌਰਾਨ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਬਾਰਡਰ ਤੋਂ ਹਟਾਉਣ ਅਤੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਵਲੋਂ ਚੰਡੀਗੜ੍ਹ ਦੇ ਹਰਿਆਣਾ ਨਿਵਾਸ ‘ਤੇ ਕਿਸਾਨਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕੀਤੀ। ਕਿਸਾਨ ਲਹਿਰ ਦੇ ਪ੍ਰਮੁੱਖ ਚਿਹਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਏ।ਪੰਧੇਰ ਨੇ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਸੀ। ਡੱਲੇਵਾਲ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਦੇ ਮੈਂਬਰਾਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ।
ਇਸ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਕਿਸਾਨ ਜਥੇਬੰਦੀਆਂ ਦੇ 12 ਕਿਸਾਨ ਆਗੂ ਪਹੁੰਚੇ ਸਨ। ਜਿੰਨ੍ਹਾਂ ਨੇ ਕਮੇਟੀ ਅੱਗੇ ਆਪਣੀਆਂ 13 ਮੰਗਾਂ ਰੱਖੀਆਂ। ਹਾਲਾਂਕਿ ਸਰਹੱਦ ਖੋਲ੍ਹਣ ਨੂੰ ਲੈ ਕੇ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ। ਦਸਣਯੋਗ ਹੈ ਕਿ ਸਪਰੀਮ ਕੋਰਟ ਵਲੋਂ ਬਣਾਈ ਕਮੇਟੀ ਨਾਲ ਕਿਸਾਨ ਵਫ਼ਦ ਦੀ ਮੀਟਿੰਗ ਕਰੀਬ ਡੇਢ ਘੰਟੇ ਤੱਕ ਚੱਲੀ। ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀਆਂ ਸਬੰਧਿਤ ਮੰਗਾਂ ਕੇਂਦਰ ਸਰਕਾਰ ਨਾਲ ਸਬੰਧ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਕਮੇਟੀ ਅੱਗੇ 13 ਮੰਗਾਂ ਰੱਖੀਆਂ ਹਨ ਤੇ ਮੰਗਾਂ ਨਾ ਮੰਨੇ ਜਾਣ ਤੱਕ ਮੋਰਚਾ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਐਮਐਸਪੀ ਗਾਰੰਟੀ ਕਾਨੂੰਨ ਸਭ ਤੋਂ ਮਹੱਤਵਪੂਰਨ ਮੰਗ ਹੈ। ਕਮੇਟੀ ਨੇ ਕਿਹਾ ਕਿ ਅਸੀਂ ਹਰ ਚੀਜ਼ ਨੂੰ ਸਕਾਰਾਤਮਕ ਢੰਗ ਨਾਲ ਰੱਖਾਂਗੇ।