ਚੰਡੀਗੜ੍ਹ : ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਚਲਦੇ ਹੋਏ ਅੱਜ 57 ਦਿਨ ਹੋ ਗਏ ਹਨ। ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਲਗਾਤਾਰ ਡਟੀਆਂ ਹੋਈਆਂ ਹਨ। ਕੜਾਕੇ ਦੀ ਠੰਢ ਵਿੱਚ ਬਜ਼ੁਰਗ ਮਹਿਲਾਵਾਂ,ਬੱਚੇ ਅਤੇ ਨੌਜਵਾਨ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਹੁਣ ਤੱਕ ਕੇਂਦਰ ਸਰਕਾਰ ਨਾਲ 10 ਵਾਰ ਮੁਲਾਕਾਤਾਂ ਹੋ ਚੁੱਕੀਆਂ ਹਨ ਪਰ ਦੋਵਾਂ ਧਿਰਾਂ ਵਿਚਾਲੇ ਹਾਲੇ ਤਕ ਡੈੱਡਲੌਕ ਦੀ ਸਥਿਤੀ ਬਣੀ ਹੋਈ ਹੈ।
ਬੀਤੇ ਦਿਨ ਹੋਈ ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਅੱਗੇ ਇਕ ਪ੍ਰਸਤਾਵ ਰੱਖਿਆ ਸੀ ਕਿ ਤਿੰਨੇ ਕਾਨੂੰਨ ਦੋ ਸਾਲ ਲਈ ਮੁਲਤਵੀ ਕਰ ਦਿੱਤੇ ਜਾਂਦੇ ਹਨ। ਕੇਂਦਰ ਸਰਕਾਰ ਦੇ ਇਸ ਪ੍ਰਪੋਜ਼ਲ ‘ਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਜਾਵੇਗੀ ਅਤੇ ਇਹ ਤੈਅ ਕੀਤਾ ਜਾਵੇਗਾ ਕਿ ਕੇਂਦਰ ਦਾ ਪ੍ਰਸਤਾਵ ਮਨਜ਼ੂਰ ਕਰਨਾ ਹੈ ਜਾਂ ਫਿਰ ਇਸ ਨੂੰ ਰੱਦ ਕਰਨਾ ਹੈ। ਹਾਲਾਂਕਿ ਮੀਟਿੰਗ ਤੋਂ ਬਾਹਰ ਆਏ ਕਿਸਾਨਾਂ ਨੇ ਸਾਫ਼ ਕਹਿ ਦਿੱਤਾ ਸੀ ਕਿ ਸਾਨੂੰ ਪ੍ਰਸਤਾਵ ਸਵੀਕਾਰ ਨਹੀਂ ਹਨ। ਪਰ ਅੱਜ ਅਧਿਕਾਰਿਕ ਤੌਰ ‘ਤੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਤੋਂ ਬਾਅਦ ਕੇਂਦਰ ਸਰਕਾਰ ਦੇ ਪ੍ਰਸਤਾਵ ਤੇ ਆਖ਼ਰੀ ਫ਼ੈਸਲਾ ਲੈ ਲਿਆ ਜਾਵੇਗਾ ।