ਕਿਸਾਨ ਜਥੇਬੰਦੀਆਂ ਨੇ ਪੰਜਾਬ ‘ਚ ਰੇਲਾਂ ਰੋਕ ਕੇ ਕੀਤਾ ਰੋਸ ਪ੍ਰਦਰਸ਼ਨ

Rajneet Kaur
3 Min Read

ਨਿਊਜ਼ ਡੈਸਕ: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਦੀ ਪੂਰਤੀ ਲਈ ਕੇਂਦਰ ‘ਤੇ ਦਬਾਅ ਬਣਾਉਣ ਲਈ ‘ਰੇਲ ਰੋਕੋ’ ਅੰਦੋਲਨ ਕੀਤਾ ਗਿਆ। ਇਸ ਕਾਰਨ ਐਤਵਾਰ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਕਿਸਾਨ ਰੇਲ ਪਟੜੀਆਂ ‘ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ।

ਅੱਜ ਪੰਜਾਬ ਭਰ ਵਿੱਚ 12 ਤੋਂ 4 ਵਜੇ ਤੱਕ ਰੇਲਾਂ ਰੋਕੀਆਂ ਗਈਆਂ।  ਜਥੇਬੰਦੀਆਂ ਦੇ ਮੁੱਖ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਡਾ: ਦਰਸ਼ਨਪਾਲ, ਮਲੂਕ ਸਿੰਘ ਹੀਰਕੇ ਅਤੇ ਹਰਬੰਸ ਸਿੰਘ ਸੰਘਾ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਬਠਿੰਡਾ ਜੰਕਸ਼ਨ,ਮਾਨਸਾ, ਬਰਨਾਲਾ, ਸੰਗਰੂਰ, ਹੁਸ਼ਿਆਰਪੁਰ,ਵੱਲਾ ਫਾਟਕ (ਅੰਮ੍ਰਿਤਸਰ), ਪਟਿਆਲਾ ਛਾਉਣੀ, ਅਜੀਤਵਾਲ (ਮੋਗਾ), ਮੰਡੀ ਅਹਿਮਦਗੜ੍ਹ (ਲੁਧਿਆਣਾ) ਅਤੇ ਜਲਾਲਾਬਾਦੇ ਪੱਛਮੀ (ਫਾਜ਼ਿਲਕਾ) ਵਿਖੇ ਕੁੱਲ ਮਿਲਾ ਕੇ ਸੈਂਕੜਿਆਂ ਦੀ ਤਾਦਾਦ ਵਿੱਚ ਔਰਤਾਂ ਤੇ ਭਾਰੀ ਗਿਣਤੀ ਨੌਜਵਾਨਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ। ਪੰਜਾਬ ਦੇ ਕਿਸਾਨਾਂ ਵਲੋਂ ਅੰਮ੍ਰਿਤਸਰ, ਲੁਧਿਆਣਾ, ਤਰਨਤਾਰਨ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸੰਗਰੂਰ, ਮਾਨਸਾ, ਮੋਗਾ ਅਤੇ ਬਠਿੰਡਾ ਸਮੇਤ 22 ਜ਼ਿਲ੍ਹਿਆਂ ਵਿਚ 52 ਥਾਵਾਂ ‘ਤੇ ਰੇਲ ਪਟੜੀਆਂ ‘ਤੇ ਧਰਨਾ ਦਿਤਾ ਗਿਆ।

ਸੂਬਾ ਪ੍ਰਧਾਨ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨ ਰਹੀ। ਅਸੀਂ ਸਰਕਾਰ ਨੂੰ ਸੁਨੇਹਾ ਦੇਣ ਲਈ ਰੇਲਵੇ ਲਾਈਨ ‘ਤੇ ਬੈਠੇ ਹਾਂ। ਅਸੀਂ ਉਨ੍ਹਾਂ ਰੇਲਵੇ ਯਾਤਰੀਆਂ ਤੋਂ ਮੁਆਫੀ ਚਾਹੁੰਦੇ ਹਾਂ ਜਿਨ੍ਹਾਂ ਨੂੰ ਅੱਜ ਅਸੁਵਿਧਾ ਦਾ ਸਾਹਮਣਾ ਕਰਨਾ ਪਿਆ, ਪਰ ਇਹ ਸਾਰਾ ਕਸੂਰ ਕੇਂਦਰ ਸਰਕਾਰ ਦਾ ਹੈ।

ਬੁਲਾਰਿਆਂ ਨੇ ਸਾਰੀਆਂ ਫਸਲਾਂ ਦੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ, ਸਰਵਜਨਿਕ ਜਨਤਕ ਵੰਡ ਪ੍ਰਣਾਲੀ ਸਮੂਹ ਗਰੀਬਾਂ ਵਾਸਤੇ ਲਾਗੂ ਕਰਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਵਰਗੀਆਂ ਮੋਦੀ ਸਰਕਾਰ ਵੱਲੋਂ ਵਾਅਦਾਖਿਲਾਫੀ ਕਰਕੇ ਮੁੱਕਰੀਆਂ ਸਮੂਹ ਕਿਸਾਨੀ ਮੰਗਾਂ ਤੁਰੰਤ ਮੰਨੇ ਜਾਣ ਤੇ ਲਾਗੂ ਕਰਨ ਦੀ ਮੰਗ ਕੀਤੀ। ਇਸਤੋਂ ਇਲਾਵਾ ਭਾਰਤ ਨੂੰ ਸੰਸਾਰ ਵਪਾਰ ਸੰਸਥਾ ਤੋਂ ਬਾਹਰ ਲਿਆਉਣ, ਸ਼ੁਭਕਰਨ ਸਿੰਘ ਦਾ ਕਤਲ ਕਰਨ ਅਤੇ ਪ੍ਰੀਤਪਾਲ ਸਿੰਘ ਦੀਆਂ ਲੱਤਾਂ/ਜਬਾੜ੍ਹੇ ਤੋੜਨ ਲਈ ਜ਼ਿੰਮੇਵਾਰ ਕੇਂਦਰ ਤੇ ਹਰਿਆਣਾ ਦੇ ਗ੍ਰਹਿ ਮੰਤਰੀਆਂ ਸਮੇਤ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਬਰਖਾਸਤ ਕਰਨ, ਕਾਲੇ ਕਾਨੂੰਨਾਂ ਵਿਰੁੱਧ ਜੇਤੂ ਦਿੱਲੀ ਘੋਲ਼ ਅਤੇ ਮੌਜੂਦਾ ਘੋਲ਼ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਅਤੇ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦਾ ਜਨਤਕ ਸੰਘਰਸ਼ ਕਰਨ ਦਾ ਜਮਹੂਰੀ ਹੱਕ ਬਹਾਲ ਕਰਨ ਦੀਆਂ ਭਖਦੀਆਂ ਮੰਗਾਂ ਉੱਤੇ ਵੀ ਬਰਾਬਰ ਜ਼ੋਰ ਦਿੱਤਾ ਗਿਆ।

- Advertisement -

Share this Article
Leave a comment