ਚੰਡੀਗੜ੍ਹ : ਆਲ ਇੰਡੀਆ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਪੂਰੇ ਪੰਜਾਬ ਵਿੱਚ ਕਿਸਾਨਾਂ ਵੱਲੋਂ ਅੱਜ ਯਾਨੀ ਸੋਮਵਾਰ ਨੂੰ ਸਵੇਰੇ 11 ਵਜੇ ਦੇ ਕਰੀਬ 22 ਜ਼ਿਲ੍ਹਿਆਂ ਵਿੱਚ ਲਗਭਗ 74 ਵੱਖ-ਵੱਖ ਥਾਵਾਂ ‘ਤੇ ਕੇਂਦਰ ਦੀ ਮੋਦੀ ਸਰਕਾਰ ਅਤੇ ਰਾਜ ਸਰਕਾਰਾਂ ਖ਼ਿਲਾਫ਼ ਜ਼ੋਰਦਾਰ ‘ਅਰਥੀ ਫੂਕ ਪ੍ਰਦਰਸ਼ਨ’ ਕੀਤੇ ਜਾਣਗੇ। ਇਸ ਦਾ ਐਲਾਨ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕੀਤਾ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਇਸ ਸਮੇਂ ਯੂਰੀਆ ਖਾਦ ਦੀ ਵੱਡੇ ਪੱਧਰ ‘ਤੇ ਕਿੱਲਤ ਚੱਲ ਰਹੀ ਹੈ, ਜਿਸ ਕਾਰਨ ਦੁਕਾਨਾਂ ‘ਤੇ ਯੂਰੀਆ ਬਲੈਕ ਵਿੱਚ ਮਿਲ ਰਿਹਾ ਹੈ।ਸਹਿਕਾਰੀ ਸਭਾਵਾਂ ਵਿੱਚ ਕਿਸਾਨਾਂ ਨੂੰ ਖਾਦ ਦੇ ਨਾਲ ਜ਼ਬਰਦਸਤੀ ਨਾਜਾਇਜ਼ ਰੂਪ ਵਿੱਚ ‘ਨੈਨੋ ਯੂਰੀਆ’ ਅਤੇ ਹੋਰ ਫਾਲਤੂ ਸਮਾਨ ਖਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਯੂਰੀਆ ਖਾਦ ਤੈਅਸ਼ੁਦਾ ਸਰਕਾਰੀ ਰੇਟਾਂ ‘ਤੇ ਹੀ ਮੁਹੱਈਆ ਕਰਵਾਏ।
ਇਸ ਦੇ ਨਾਲ ਉਨ੍ਹਾਂ ਦੀਆਂ ਮੰਗ ਹਨ ਕਿ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ (LPG) ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਤੁਰੰਤ ਘਟਾਇਆ ਜਾਵੇ।ਰਾਜਸਥਾਨ, ਮੱਧ ਪ੍ਰਦੇਸ਼, ਬਿਹਾਰ, ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨਾਂ ਦੀ ਮਰਜ਼ੀ ਦੇ ਖ਼ਿਲਾਫ਼ ਜ਼ਬਰਦਸਤੀ ਉਨ੍ਹਾਂ ਦੀਆਂ ਜ਼ਮੀਨਾਂ ਐਕੁਆਇਰ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਤੁਰੰਤ ਰੋਕਿਆ ਜਾਵੇ। ਭਾਰਤ ਅਤੇ ਅਮਰੀਕਾ ਵਿਚਾਲੇ ਜੋ ਵਪਾਰਕ/ਰਣਨੀਤਕ ਡੀਲ ਆਪਣੇ ਆਖਰੀ ਪੜਾਅ ਵਿੱਚ ਪਹੁੰਚੀ ਹੈ, ਉਸ ਨੂੰ ਦੇਸ਼ ਅਤੇ ਕਿਸਾਨ ਵਿਰੋਧੀ ਦੱਸਦਿਆਂ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਸਰਕਾਰ ਨੇ ਯੂਰੀਆ ਦੀ ਕਿੱਲਤ ਦੂਰ ਨਾ ਕੀਤੀ, ਜ਼ਬਰਦਸਤੀ ਜ਼ਮੀਨ ਐਕੁਆਇਰ ਕਰਨਾ ਬੰਦ ਨਹੀਂ ਕੀਤਾ ਅਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘੱਟ ਨਾ ਕੀਤੀਆਂ, ਤਾਂ ਆਲ ਇੰਡੀਆ ਕਿਸਾਨ ਮਜ਼ਦੂਰ ਮੋਰਚਾ ਆਉਣ ਵਾਲੇ ਦਿਨਾਂ ਵਿੱਚ ਇਸ ਅੰਦੋਲਨ ਨੂੰ ਹੋਰ ਤੇਜ਼ ਕਰੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

