ਬਰਨਾਲਾ: ਵਿਧਾਨਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਰਨਾਲਾ ਵਿਖੇ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਪਿੰਡਾਂ `ਚ ਉਨ੍ਹਾਂ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ ।
ਪਿੰਡ ਦੇ ਕਿਸਾਨਾਂ ਵੱਲੋਂ ਖਰਾਬ ਹੋਈ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਨਾਂ ਮਿਲਣ ਦੇ ਰੋਸ ਵਜੋਂ ਅਤੇ ਬੇਰੁਜ਼ਗਾਰੀ ਤੇ ਹੋਰ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਪਿੰਡ ਫਤਿਹਗੜ੍ਹ ਛੰਨਾ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਮੁੱਖ ਮੰਤਰੀ ਚੰਨੀ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ ਅਤੇ ਉਹ ਇਸ ਸਬੰਧੀ ਉਨ੍ਹਾਂ ਤੋਂ ਸਵਾਲ ਵੀ ਕਰਨਾ ਚਾਹੁੰਦੇ ਸਨ, ਪਰ ਮੁੱਖ ਮੰਤਰੀ ਚੰਨੀ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦਿੱਤੇ ਬਿਨਾਂ ਹੀ ਚਲੇ ਗਏ।
ਇਸ ਤੋਂ ਪਹਿਲਾਂ ਬਰਨਾਲਾ ਜ਼ਿਲ੍ਹੇ ਦੇ ਪਿੰਡ ਅਸਪਾਲ ਖੁਰਦ ਵਿੱਚ ਚੋਣ ਪ੍ਰਚਾਰ ਕਰ ਰਹੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੱਲ ਰਹੇ ਕ੍ਰਿਕਟ ਟੂਰਨਾਮੈਂਟ ਦੌਰਾਨ ਕ੍ਰਿਕਟ ਖੇਡਦੇ ਹੋਏ ਨਜ਼ਰ ਆਏ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਦੌੜ ਵਿਧਾਨ ਸਭਾ ਹਲਕੇ ਵਿੱਚ ਅਗਲੇ ਪੰਜ ਸਾਲਾਂ ਦੌਰਾਨ ਜੇਕਰ ਕੋਈ ਵੀ ਟੂਰਨਾਮੈਂਟ ਕਰਵਾਇਆ ਗਿਆ ਤਾਂ ਉਹ ਪਹਿਲਾ ਇਨਾਮ ਦੇਣ ਲਈ ਆਉਣਗੇ।