ਅੰਮ੍ਰਿਤਸਰ: ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਖਿਲਾਫ਼ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਕੀਤਾ ਗਿਆ। ਜਿਸ ਦਾ ਅਸਰ ਅੰਮ੍ਰਿਤਸਰ ਵਿੱਚ ਵੀ ਦੇਖਣ ਨੂੰ ਮਿਲਿਆ। ਇੱਥੇ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਸੜਕਾਂ, ਰੇਲਵੇ ਟਰੈਕ ਅਤੇ ਬਾਜ਼ਾਰਾਂ ਬਾਹਰ ਧਰਨਾ ਲਗਾਇਆ ਗਿਆ। ਇਸੇ ਤਹਿਤ ਅੰਮ੍ਰਿਤਸਰ ਵੱਲਾ ਰੇਲਵੇ ਫਾਟਕ ‘ਤੇ ਕਿਸਾਨਾਂ ਨੇ ਨੰਗੇ ਧੱੜ ਹੋ ਕੇ ਰੋਸ ਪ੍ਰਦਰਸ਼ਨ ਕੀਤਾ।
ਇਸ ਅਨੌਖੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਮੰਗ ਕੀਤੀ ਤਿੰਨ ਖੇਤੀ ਕਾਨੂੰਨ ਜਲਦ ਤੋਂ ਜਲਦ ਰੱਦ ਕੀਤੇ ਜਾਣ। ਜਦੋਂ ਤੱਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਅਤੇ 23 ਮੁੱਖ ਫਸਲਾਂ ‘ਤੇ ਐਮਐਸਪੀ ਯਕੀਨੀ ਨਹੀਂ ਬਣਾਈ ਜਾਂਦੀ ਉਦੋਂ ਤਕ ਸਾਡਾ ਅੰਦੋਲਨ ਜਾਰੀ ਰਹੇਗਾ।
ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੇ ਤਹਿਤ ਅੰਮ੍ਰਿਤਸਰ ਦੇ 85 ਮੁੱਖ ਪੁਆਇੰਟਾਂ ‘ਤੇ ਜਥੇਬੰਦੀ ਦੇ ਕਿਸਾਨ ਨਿੱਤਰੇ ਹੋਏ ਹਨ। ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 12 ਜ਼ਿਲ੍ਹਿਆਂ ਵਿੱਚ ਵੀ ਸੜਕਾਂ ਅਤੇ ਰੇਲਵੇ ਟਰੈਕ ਜਾਮ ਕੀਤੇ ਗਏ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨ ਦਿੱਲੀ ਟਿਕਰੀ ਬਾਰਡਰ ‘ਤੇ ਵੀ ਧਰਨਾ ਦੇ ਰਹੇ ਹਨ।