ਨਵੀਂ ਦਿੱਲੀ: ਖੇਤੀ ਕਾਨੂੰਨ ਮੁੱਦੇ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨਾਂ ਨੂੰ ਧਰਨਾ ਦਿੰਦੇ ਹੋਏ ਅੱਜ 15 ਦਿਨ ਪੂਰੇ ਹੋ ਗਏ ਹਨ। ਇਹ ਰੋਸ ਪ੍ਰਦਰਸ਼ਨ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਨਾਲ ਦਿੱਲੀ, ਯੂਪੀ ਤੇ ਹਰਿਆਣਾ ਦੇ ਦਰਜਨ ਭਰ ਰਾਸਤੇ ਸੀਲ ਹਨ। ਦਿੱਲੀ ਨਾਲ ਲਗਦੇ ਟਿਕਰੀ ਬਾਰਡਰ, ਸਿੰਘੂ ਬਾਰਡਰ ਦੇ ਨਾਲ-ਨਾਲ ਦਿੱਲੀ-ਯੂਪੀ ਗੇਟ ‘ਤੇ ਵੀ ਕਿਸਾਨ ਡਟੇ ਹੋਏ ਹਨ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ।
ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਪਰ ਕੇਂਦਰ ਸਰਕਾਰ ਕਿਸਾਨਾਂ ਦੀ ਇਹ ਮੰਗ ਨਹੀਂ ਮੰਨ ਰਹੀ। ਸਰਕਾਰ ਦਾਅਵਾ ਕਰ ਰਹੀ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ ਲਿਆਂਦੇ ਗਏ ਹਨ।
ਇਸ ਤੋਂ ਪਹਿਲਾ ਬੁੱਧਵਾਰ ਨੂੰ ਸਿੰਘੂ ਬਾਰਡਰ ‘ਤੇ ਕਿਸਾਨ ਜਥੇਬੰਦੀਆਂ ਨੇ ਬੈਠਕ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ। ਇਨ੍ਹਾਂ ਹੀ ਨਹੀਂ ਪ੍ਰਦਰਸ਼ਨ ਨੂੰ ਤੇਜ਼ ਕਰਨ ਦੀ ਕੜੀ ‘ਚ ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ 12 ਦਸੰਬਰ ਨੂੰ ਦਿੱਲੀ-ਜੈਪੁਰ ਹਾਈਵੇ ਤੇ ਦਿੱਲੀ-ਆਗਰਾ ਹਾਈਵੇਅ ਨੂੰ ਜਾਮ ਕਰਨਗੇ।