ਮੋਰਨੀ, ਪੰਚਕੂਲਾ : ਮੋਦੀ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਲਗਾਇਆ ਗਿਆ ਕਿਸਾਨੀ ਮੋਰਚਾ ਸੱਤ ਮਹੀਨੇ ਪੂਰੇ ਕਰ ਚੁੱਕਾ ਹੈ, ਬਾਵਜੂਦ ਇਸਦੇ ਕੇਂਦਰ ਸਰਕਾਰ ਦੇ ਕੰਨ ‘ਤੇ ਜੂੰ ਤੱਕ ਨਹੀਂ ਰੇਂਗੀ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਕਿਸਾਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਗੱਲ ਤਾਂ ਕਰ ਰਹੇ ਹਨ ਪਰ ਕਾਨੂੰਨ ਰੱਦ ਨਾ ਕਰਨ ‘ਤੇ ਅੜੇ ਹੋਏ ਹਨ। ਅਜਿਹੇ ਵਿੱਚ ਕਿਸਾਨਾਂ ਦਾ ਗੁੱਸਾ ਲਗਾਤਾਰ ਵਧਦਾ ਜਾ ਰਿਹਾ ਹੈ।
ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਸੜਕਾਂ, ਪਹਾੜਾਂ, ਅਸਮਾਨ ਤੋਂ ਬਾਅਦ ਹੁਣ ਝੀਲਾਂ ਵਿੱਚ ਵੀ ਸ਼ੁਰੂ ਹੋ ਚੁੱਕਾ ਹੈ। ਭਾਰਤੀ ਕਿਸਾਨ ਯੂਨੀਅਨ ਚਡੂਨੀ ਨੇ ਰੋਸ ਪ੍ਰਗਟਾਵੇ ਦਾ ਨਵਾਂ ਤਰੀਕਾ ਅਖਤਿਆਰ ਕਰਦਿਆਂ ਮੋਰਨੀ ‘ਚ ਬਣੀ ਝੀਲ ‘ਚ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕੀਤਾ।
ਐਤਵਾਰ ਨੂੰ ਸੱਤਵਾਨ ਨਰਵਾਲ , ਉਪ ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਚਡੂਨੀ ਨੇ ਮੋਰਨੀ ਦੀ ਲੇਕ ‘ਚ ਬੋਟ ‘ਤੇ ਬਹਿ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਕਿਸਾਨਾਂ ਦਾ ਪ੍ਰਦਰਸ਼ਨ ਝੀਲ ਵਿੱਚ ਕਿਸ ਤਰ੍ਹਾਂ ਦਾ ਰਿਹਾ, ਵੇਖੋ ਇਹ ਵੀਡੀਓ
ਨਾਅਰੇਬਾਜ਼ੀ ਕਰਦਿਆਂ ਕਿਸਾਨ ਆਗੂ ਨਰਵਾਲ ਤਾਂ ਇੰਨੇ ਜਜ਼ਬਾਤੀ ਹੋ ਗਏ ਕਿ ਉਹ ਬੋਲੀ ਦੀਆਂ ਸਾਰੀਆਂ ਹੱਦਾਂ ਹੀ ਪਾਰ ਕਰ ਗਏ। ਉਨ੍ਹਾਂ ਪੀ.ਐਮ. ਦੀ ‘ਸੇਵਾ’ ਕਰਨ ਦੀ ਗੱਲ ਆਖੀ।
ਉਨ੍ਹਾਂ ਕਿਹਾ ਕਿ ਜੇ ਮੋਦੀ ਸੱਤ ਸਮੂੰਦਰ ਪਾਰ ਜਾ ਸਕਦਾ ਹੈ ਤੇ ਕਿਸਾਨ ਆਪਣੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਇਸ ਕਰਕੇ ਕਿਸਾਨ ਵੀ ਹਰੇਕ ਢੰਗ ਤਰੀਕੇ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣਗੇ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਦੇਸ਼ ਭਰ ਦੇ ਸਾਰੇ ਸੂਬਿਆਂ ਵਿਚ ਕਿਸਾਨਾਂ ਵੱਲੋਂ ਸਾਰੇ ਸੂਬਿਆਂ ਦੇ ਗਵਰਨਰਾਂ ਨੂੰ ਮੰਗ ਪੱਤਰ ਦਿੱਤੇ ਗਏ ਹਨ, ਜਿਨ੍ਹਾਂ ਵਿੱਚ ਉਹਨਾਂ ਰਾਸ਼ਟਰਪਤੀ ਤੋਂ ਮੰਗ ਕੀਤੀ ਹੈ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ, ਫ਼ਸਲਾਂ ਦਾ ਐਮ.ਐੱਸ. ਪੀ. ਪੱਕਾ ਕੀਤਾ ਜਾਵੇ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ।