ਜ਼ੀਰਾ: ਜ਼ੀਰਾ ਸ਼ਰਾਬ ਦੀ ਫੈਕਟਰੀ ਦੇ ਬਾਹਰ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਫ਼ਿਰੋਜ਼ਪੁਰ ਵਿਖੇ ਜ਼ੀਰਾ ਸਥਿਤ ਸ਼ਰਾਬ ਫੈਕਟਰੀ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣੀ ਹੈ। ਪੰਜਾਬ ਸਰਕਾਰ ਵੱਲੋਂ ਧਰਨਾ ਚੁੱਕਣ ਲਈ ਕੀਤੀ ਗਈ ਕਾਰਵਾਈ ਸਬੰਧੀ ਹਾਈਕੋਰਟ ਵਿੱਚ ਆਪਣਾ ਪੱਖ ਪੇਸ਼ ਕੀਤਾ ਜਾਵੇਗਾ। ਪੁਲਿਸ ਪ੍ਰਸ਼ਾਸਨ ਨੇ 18 ਦਸੰਬਰ ਨੂੰ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਸੀ।
ਆਗੂਆਂ ਨੇ ਦੱਸਿਆ ਕਿ 20-25 ਨਾਮਜ਼ਦ ਆਗੂਆਂ ਸਮੇਤ 100 ਤੋਂ 140 ਅਣਪਛਾਤੇ ਵਿਅਕਤੀਆਂ ਉੱਤੇ ਕੇਸ ਦਰਜ ਕਰਕੇ 80 ਤੋਂ ਵੱਧ ਗ੍ਰਿਫਤਾਰੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ। ਘਰਾਂ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਬਾਵਜੂਦ ਪੀੜਤ ਲੋਕ ਧਰਨੇ ਵਿੱਚ ਡਟੇ ਹੋਏ ਹਨ। ਜਿੰਨਾਂ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਿੱਚ ਸ਼ਾਮਲ ਜਥੇਬੰਦੀਆਂ ਦੇ ਕਿਸਾਨ ਵੀ ਸ਼ਾਮਲ ਹਨ।
ਪੁਲਿਸ ਨੇ ਫੈਕਟਰੀ ਦੇ ਗੇਟ ਦੇ ਇੱਕ ਪਾਸੇ ਤੋਂ ਧਰਨਾ ਚੁੱਕ ਲਿਆ ਹੈ, ਜਦੋਂਕਿ ਫੈਕਟਰੀ ਦੇ ਦੂਜੇ ਪਾਸੇ ਗੇਟ ਨੇੜੇ ਧਰਨਾ ਜਾਰੀ ਹੈ। ਇੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਜਾਰੀ ਹੋਣ ਕਾਰਨ ਪੁਲਿਸ-ਪ੍ਰਸ਼ਾਸ਼ਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਐੱਸ.ਐੱਸ.ਪੀ. ਕੰਵਰਦੀਪ ਕੌਰ ਨੇ ਕਿਹਾ ਹੈ ਕਿ ਮਾਮਲੇ ਵਿੱਚ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਦੀਆਂ ਗੱਡੀਆਂ ਨੂੰ ਰੋਕਣ ਵਾਲਿਆਂ ਨੂੰ ਕਾਬੂ ਕਰ ਲਿਆ ਗਿਆ ਹੈ। ਧਰਨਾ ਖਤਮ ਕਰਨ ਲਈ 2000 ਪੁਲਿਸ ਮੁਲਾਜ਼ਮ ਤਾਇਨਾਤ ਹਨ। ਹਾਈ ਕੋਰਟ ਵੱਲੋਂ ਫੈਕਟਰੀ ਤੋਂ 300 ਮੀਟਰ ਦੀ ਦੂਰੀ ’ਤੇ ਧਰਨਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਦਰਸ਼ਨਕਾਰੀਆਂ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸੜਕ ’ਤੇ ਜਾਮ ਲਾ ਦਿੱਤਾ। ਇਸ ਦੇ ਨਾਲ ਹੀ ਕਾਰਵਾਈ ਦੌਰਾਨ ਮੌਕੇ ਦੀ ਫੋਟੋਗ੍ਰਾਫੀ/ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਡਰੋਨ ਰਾਹੀਂ ਵੀ ਨਿਗਰਾਨੀ ਰੱਖੀ ਜਾ ਰਹੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਫੈਕਟਰੀ ਗੇਟ ਦੇ ਕੋਲੋਂ ਪ੍ਰਦਰਸ਼ਨਕਾਰੀਆਂ ਦੇ ਨਾ ਹਟਣ ‘ਤੇ ਪੰਜਾਬ ਸਰਕਾਰ ਨੂੰ 20 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਹੈ।
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.