ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਉਣਗੇ ਕਿਸਾਨ

TeamGlobalPunjab
2 Min Read

ਨਵੀਂ ਦਿੱਲੀ : ਖੇਤੀ ਕਾਨੂੰਨ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦਾ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਤਹਿਤ ਹੁਣ ਕਿਸਾਨ ਜਥੇਬੰਦੀਆਂ ਨੇ ਇਕ ਹੋਰ ਨਵੀਂ ਰਣਨੀਤੀ ਉਲੀਕ ਦਿੱਤੀ ਹੈ । ਕਿਸਾਨ ਜਥੇਬੰਦੀਆਂ ਨੇ ਫੈਸਲਾ ਲਿਆ ਹੈ ਕਿ ਲੋਹੜੀ ਦਾ ਤਿਉਹਾਰ ਉਹ ਤਿੰਨ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਮਨਾਉਣਗੇ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਨੇ ਫ਼ੈਸਲਾ ਕੀਤਾ ਹੈ ਕਿ ਜੇਕਰ ਚਾਰ ਜਨਵਰੀ ਦੀ ਮੀਟਿੰਗ ਵੀ ਬੇਸਿੱਟਾ ਰਹਿੰਦੀ ਹੈ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਜਿਸ ਤਹਿਤ 6 ਤੋਂ 20 ਜਨਵਰੀ ਨੂੰ ਦੇਸ਼ ਭਰ ‘ਚ ਜਨਚੇਤਨਾ ਅਭਿਆਨ ਛੇੜਿਆ ਜਾਵੇਗਾ ਅਤੇ ਖੇਤੀ ਕਾਨੂੰਨ ਦਾ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ। 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਦੇ ਰੂਪ ‘ਚ ਮਨਾਇਆ ਜਾਵੇਗਾ। 23 ਜਨਵਰੀ ਨੂੰ ਆਜ਼ਾਦ ਹਿੰਦ ਫ਼ੌਜ ਦਿਹਾੜੇ ਨੂੰ ਆਜ਼ਾਦ ਹਿੰਦ ਕਿਸਾਨ ਦਿਵਸ ਦੇ ਤੌਰ ਤੇ ਮਨਾਉਣ ਦਾ ਫ਼ੈਸਲਾ ਲਿਆ ਹੈ।

ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਬੀਜੇਪੀ ਲੀਡਰਾਂ ਦਾ ਵਿਰੋਧ ਲਗਾਤਾਰ ਜਾਰੀ ਰਹੇਗਾ। ਇਸ ਤੋਂ ਇਲਾਵਾ ਪੰਜਾਬ ਦੇ ਸੰਗਰੂਰ ‘ਚ ਬੀਜੇਪੀ ਲੀਡਰਾਂ ਦਾ ਘਿਰਾਓ ਕਰ ਰਹੇ ਕਿਸਾਨਾਂ ‘ਤੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਵੀ ਨਿਖੇਧੀ ਕੀਤੀ ਹੈ। ਹੁਸ਼ਿਆਰਪੁਰ ਵਿੱਚ ਤੀਕਸ਼ਨ ਸੂਦ ਦੇ ਘਰ ਬਾਹਰ ਕਿਸਾਨਾਂ ਵੱਲੋਂ ਸੁੱਟੇ ਗਏ ਗੋਹੇ ਦੇ ਢੇਰ ਨੂੰ ਲੈ ਕੇ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਦੀ ਵੀ ਜਥੇਬੰਦੀਆਂ ਨੇ ਨਿੰਦਾ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੇ ਕਿਸਾਨਾਂ ਦੇ ਉੱਪਰ ਹੋਏ ਨਾਜਾਇਜ਼ ਪਰਚਿਆਂ ਨੂੰ ਰੱਦ ਨਹੀਂ ਕੀਤਾ ਤਾਂ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਵੀ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ ਜਾਣਗੇ।ਜਥੇਬੰਦੀਆਂ ਨੇ ਕਿਹਾ ਕਿ ਸਾਡਾ ਫ਼ੈਸਲਾ ਅਟੱਲ ਹੈ ਜਦੋਂ ਤਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਅਸੀਂ ਅੰਦੋਲਨ ਖ਼ਤਮ ਨਹੀਂ ਕਰਾਂਗੇ।

TAGGED: , , , ,
Share this Article
Leave a comment