ਅੱਜ ਦਿੱਲੀ ਕੂਚ ਕਰਨਗੇ ਕਿਸਾਨ, 550 ਜਥੇਬੰਦੀਆਂ ਇਸ ਮਹਾਪੰਚਾਇਤ ‘ਚ ਲੈਣਗੀਆਂ ਹਿੱਸਾ

Global Team
2 Min Read

ਚੰਡੀਗੜ੍ਹ: ਭਾਰਤ-ਅਮਰੀਕਾ ਵਪਾਰ ਸਮਝੌਤੇ ਸਮੇਤ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਬਣਾਏ ‘ਦੇਸ਼ ਬਚਾਓ ਮੋਰਚਾ’ ਵੱਲੋਂ 21 ਜੁਲਾਈ ਨੂੰ ਦਿੱਲੀ ਸਥਿਤ ਕਿਸਾਨ ਘਾਟ ‘ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਬਿਆਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਬਚਾਓ ਮੋਰਚੇ ਦੇ ਸੱਦੇ ‘ਤੇ ਕਰੀਬ 550 ਜਥੇਬੰਦੀਆਂ ਇਸ ਮਹਾਪੰਚਾਇਤ ‘ਚ ਹਿੱਸਾ ਲੈਣਗੀਆਂ।

ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਟਰੇਡ ਡੀਲ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਤੇ ਆਮ ਲੋਕਾਂ ਦੇ ਹਿੱਤ ‘ਚ ਨਹੀਂ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਇਸ ਸਮਝੌਤੇ ਰਾਹੀਂ ਭਾਰਤ ਸਰਕਾਰ ਅਮਰੀਕੀ ਕੰਪਨੀਆਂ ਤੇ ਉਥੋਂ ਦੇ ਕਿਸਾਨਾਂ ਨੂੰ ਫਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦੋਂਕਿ ਭਾਰਤ ਦੇ ਛੋਟੇ ਕਿਸਾਨਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਕਿਸਾਨਾਂ ਵੱਲੋਂ ਦਿੱਲੀ ਵਿਖੇ ਦਿੱਤੇ ਜਾਣ ਵਾਲੇ ਧਰਨੇ ਲਈ ਪੰਜਾਬ ਦੇ ਕਿਸਾਨ ਅੱਜ 20 ਜੁਲਾਈ ਨੂੰ ਦਿੱਲੀ ਵੱਲ ਕੂਚ ਕਰਨਗੇ। ਇਸ ਮੌਕੇ ‘ਦੇਸ਼ ਬਚਾਓ ਮੋਰਚਾ’ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸੈਂਕੜੇ ਬੱਸਾਂ ਦਾ ਕਾਫ਼ਲਾ ਦੁਪਹਿਰ ਨੂੰ ਦਿੱਲੀ ਵੱਲ ਰਵਾਨਾ ਹੋਵੇਗਾ, ਜਿਨ੍ਹਾਂ ਵੱਲੋਂ ਭਲਕੇ 21 ਜੁਲਾਈ ਨੂੰ ਦਿੱਲੀ ਸਥਿਤ ਕਿਸਾਨ ਘਾਟ ‘ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਵਾਜ਼ ਚੁੱਕੀ ਜਾਵੇਗੀ।

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਦਿੱਲੀ ਸਥਿਤ ਕਿਸਾਨ ਘਾਟ ‘ਤੇ ਇੱਕ ਦਿਨਾਂ ਰੋਸ ਪ੍ਰਦਰਸ਼ਨ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਸਿਰਫ਼ ਕਿਸਾਨੀ ਲਈ ਹੀ ਨਹੀਂ, ਬਲਕਿ ਛੋਟੇ ਵਪਾਰੀਆਂ ਅਤੇ ਹੋਰ ਕਾਰੋਬਾਰਾਂ ਲਈ ਵੀ ਘਾਤਕ ਹੈ। ਇਸ ਲਈ ਕੇਂਦਰ ਸਰਕਾਰ ਨੂੰ ਇਹ ਸਮਝੌਤਾ ਤੁਰੰਤ ਰੱਦ ਕਰਨਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment