ਚੰਡੀਗੜ੍ਹ: ਟਿਕਰੀ ਬਾਰਡਰ ਤੋਂ ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ। ਐੱਮਐੱਸਪੀ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਚੰਡੀਗੜ੍ਹ ਕੂਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਵਿਧਾਨ ਸਭਾ ਦੇ ਘਿਰਾਓ ਦੀ ਚੇਤਾਵਨੀ ਦਿੱਤੀ ਹੈ।
ਇਸਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ 24 ਤਰੀਖ ਨੂੰ ਹੋਣ ਵਾਲੀ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਵਿਚ 26 ਜਨਵਰੀ ਕਿਸਾਨ ਵੱਡੇ ਪੱਧਰ ਦਾ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕਰ ਸਕਦਾ ਹੈ। ਦਸ ਦਈਏ ਕਿ ਕਿਸਾਨ ਪੰਜਾਬ ਦੇ ਹੁਸੈਨੀਵਾਲਾ ਤੋਂ ਸ਼ੁਰੂ ਹੋਈ ਮਸ਼ਾਲ ਯਾਤਰਾ ਨੂੰ ਲੈ ਕੇ ਸ਼ਨੀਵਾਰ ਨੂੰ ਹਰਿਆਣਾ ਦੇ ਬਹਾਦੁਰਗੜ੍ਹ ਪਹੁੰਚੇ। ਟਰੈਕਟਰ ਟਰਾਲੀਆਂ, ਗੱਡੀਆਂ ਤੇ ਰੇਲਗੱਡੀ ਜ਼ਰੀਏ ਪੰਜਾਬ ਤੇ ਹਰਿਆਣਾ ਦੇ ਵੱਖ-ਵੱਖ ਥਾਵਾਂ ਤੋਂ ਕਿਸਾਨ ਬਹਾਦੁਰਗੜ੍ਹ ਪਹੁੰਚੇ।
ਕਿਸਾਨ ਨੇਤਾ ਮਨਦੀਪ ਨਥਵਾਨ ਨੇ ਕਿਹਾ ਕਿ ਐੱਮਐੱਸਪੀ ਦੀ ਮੰਗ ਨੂੰ ਲੈ ਕੇ ਹੁਣ ਤਾਂ ਉਹ ਚੰਡੀਗੜ੍ਹ ਵਿਚ ਵਿਧਾਨ ਸਭਾ ਦੇ ਘਿਰਾਓ ਦੀ ਚੇਤਾਵਨੀ ਦੇ ਰਹੇ ਹਨ ਪਰ MSP ਦੀ ਮੰਗ ਪੂਰੀ ਕਰਵਾਉਣ ਲਈ ਕਿਸਾਨਾਂ ਨੂੰ ਜੇਕਰ ਲਾਲ ਕਿਲ੍ਹੇ ਤੱਕ ਜਾਣਾ ਪਿਆ ਤਾਂ ਵੀ ਕਿਸਾਨ ਪਿੱਛੇ ਨਹੀਂ ਹਟਣਗੇ। ਐੱਮਐੱਸਪੀ ਉਨ੍ਹਾਂ ਦਾ ਅਧਿਕਾਰ ਹੈ, ਜਿਸ ਨੂੰ ਉਹ ਲੈ ਕੇ ਹੀ ਰਹਿਣਗੇ। ਇੰਨਾ ਹੀ ਨਹੀਂ ਕਿਸਾਨ ਕਰਜ਼ੇ ਦੇ ਬੋਝ ਹੇਠ ਦੱਬਦਾ ਜਾ ਰਿਹਾ ਹੈ। ਇਸ ਲਈ ਸਰਕਾਰ ਤੋਂ ਕਿਸਾਨਾਂ ਦਾ ਸੰਪੂਰਨ ਕਰਜ਼ਾ ਮਾਫ ਕਰਨ ਦਾ ਮੰਗ ਵੀ ਕੀਤੀ ਜਾ ਰਹੀ ਹੈ।