ਚੰਡੀਗੜ੍ਹ / ਅੰਮ੍ਰਿਤਸਰ: ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਛੇਤੀ ਹੱਲ ਕਰਨ ਦੀ ਸਹੂਲਤ ਦੇਣ ਲਈ ਸੂਬੇ ਵਿੱਚ ਜਲਦ ਹੀ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ।
ਅੱਜ ਅੰਮ੍ਰਿਤਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕੰਨਵੈਨਸ਼ਨ ਸੈਂਟਰ ਵਿਖੇ ਹੋਏ ਪੰਜਵੇਂ ਮਿਲਨੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਮਿਲਣੀਆਂ ਦੀ ਪਹਿਲਕਦਮੀ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਇਸ ਉਪਰਾਲੇ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।
ਧਾਲੀਵਾਲ ਨੇ ਕਿਹਾ ਕਿ ਇਹ ਅਦਾਲਤਾਂ ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਦੇ ਸਿਵਲ ਕੇਸਾਂ ਨਾਲ ਸਬੰਧਤ ਮੁੱਦਿਆਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਸਮਰਪਿਤ ਹੋ ਕੇ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਦੇ ਸਿਵਲ ਕੇਸਾਂ ਦੇ ਨਿਪਟਾਰੇ ਲਈ ਅਦਾਲਤਾਂ ਦੀ ਸਥਾਪਨਾ ਲਈ ਜਲਦ ਹੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਕੀਮਤੀ ਊਰਜਾ, ਸਮਾਂ ਅਤੇ ਪੈਸਾ ਬਚਾਇਆ ਜਾ ਸਕੇ।
ਮਿਲਣੀ ਪਹਿਲਕਦਮੀ ਪ੍ਰਤੀ ਪਰਵਾਸੀ ਪੰਜਾਬੀਆਂ ਦੇ ਭਰਵੇਂ ਹੁੰਗਾਰੇ ’ਤੇ ਤਸੱਲੀ ਪ੍ਰਗਟ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਨੂੰ ਸੂਬੇ ਦੀ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇਗਾ। ਉਨ੍ਹਾਂ ਪਰਵਾਸੀ ਪੰਜਾਬੀਆਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਨੋਡਲ ਅਫ਼ਸਰ ਤਾਇਨਾਤ ਕੀਤੇ ਜਾ ਰਹੇ ਹਨ, ਜੋ ਪਰਵਾਸੀ ਭਾਰਤੀਆਂ ਦੇ ਮਸਲੇ ਬਿਨ੍ਹਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਨਿਪਟਾਉਣਗੇ।
ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਪਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹਦਾਇਤ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
ਇਸ ਮੌਕੇ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਨਿਵੇਕਲੀ ਪਹਿਲ ਕਰਦੇ ਹੋਏ ਪਰਵਾਸੀ ਪੰਜਾਬੀ ਭਰਾਵਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਣ ਦਾ ਸਥਾਈ ਹੱਲ ਕਰਦੇ ਇਕ ਵੱਟਸਐਪ ਨੰਬਰ 9056009884 ਜਾਰੀ ਕੀਤਾ। ਇਸ ਨੰਬਰ ‘ਤੇ ਪ੍ਰਾਪਤ ਹੋਈ ਸ਼ਿਕਾਇਤ ਸਬੰਧਤ ਅਧਿਕਾਰੀ ਤੱਕ ਪਹੁੰਚਾਈ ਜਾਵੇਗੀ, ਜਿਥੋਂ ਇਸ ਨੂੰ ਹੱਲ ਕੀਤਾ ਜਾਣਾ ਹੈ। ਉਨਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਅਪਡੇਟ ਵੀ ਸਬੰਧਤ ਪਰਵਾਸੀ ਪੰਜਾਬੀ ਨੂੰ ਦਿੱਤੀ ਜਾਵੇਗੀ।
ਪਰਵਾਸੀ ਪੰਜਾਬੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਜ਼ਿਲ੍ਹਾ ਵਾਰ ਕਾਊਂਟਰ ਸਥਾਪਿਤ ਕੀਤੇ ਗਏ, ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਅੱਜ ਦੇ ਸਮਾਗਮ ਦੌਰਾਨ ਕੁੱਲ 103 ਕੇਸਾਂ ਦੀ ਸੁਣਵਾਈ ਹੋਈ।