ਫਾਜ਼ਿਲਕਾ 24 ਮਾਰਚ: ਪੰਜਾਬ ਵਿਧਾਨ ਸਭਾ ‘ਚ ਬਜਟ 2024-25 ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਜਿਸ ਵਿੱਚ ਪੰਜਾਬ ਦੇ ਵਿਧਾਇਕਾਂ ਵੱਲੋਂ ਆਪੋ-ਆਪਣੇ ਹਲਕਿਆਂ ਦੀਆਂ ਸਮੱਸਿਆਵਾਂ ਵਿਧਾਨ ਸਭਾ ਵਿੱਚ ਰੱਖੀਆਂ ਗਈਆਂ। ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਪ੍ਰਸ਼ਨ ਕਾਲ ਵਿੱਚ ਫਾਜ਼ਿਲਕਾ ਫਿਰੋਜ਼ਪੁਰ ਰੋਡ ਤੇ ਬੱਸਾਂ ਦੀ ਕਮੀ ਦਾ ਮੁੱਦਾ ਚੁੱਕਿਆ।
ਇਸ ਮੌਕੇ ਵਿਧਾਇਕ ਨੇ ਕਿਹਾ ਕਿ ਇਹ ਪੰਜਾਬ ਰੋਡਵੇਜ਼ ਦਾ ਮਨੋਪਲੀ ਰੂਟ ਹੈ ਅਤੇ ਇੱਥੇ ਬੱਸਾਂ ਦੀ ਗਿਣਤੀ ਵਧਾਈ ਜਾਣੀ ਚਾਹੀਦੀ ਹੈ। ਜਿਸ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿੱਤਾ ਕਿ ਵਿਭਾਗ ਹੋਰ ਬੱਸਾਂ ਚਲਾਉਣ ਦੀ ਸੰਭਾਵਨਾਵਾਂ ਤਲਾਸ਼ੇਗਾ ।
ਵਿਧਾਇਕ ਨੇ ਫਾਜ਼ਿਲਕਾ ਤੋਂ ਫਿਰੋਜ਼ਪੁਰ ਅਤੇ ਚੰਡੀਗੜ੍ਹ ਲਈ ਸਰਕਾਰੀ ਵੋਲਵੋ ਬੱਸਾਂ ਦੀ ਮੰਗ ਵੀ ਰੱਖੀ। ਜਿਸ ਤੇ ਵੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿੱਤਾ ਕਿ ਵਿਭਾਗ ਇਸ ਸਬੰਧੀ ਜਲਦੀ ਕਾਰਵਾਈ ਕਰੇਗਾ। ਜਿਕਰ ਯੋਗ ਹੈ ਕਿ ਫਾਜ਼ਿਲਕਾ ਤੋਂ ਫਿਰੋਜ਼ਪੁਰ ਰੂਟ ਤੇ ਸਿਰਫ ਰੋਡਵੇਜ਼ ਦੀਆਂ ਹੀ ਬੱਸਾਂ ਚੱਲਦੀਆਂ ਹਨ ਅਤੇ ਲੋਕਾਂ ਦੀ ਮੰਗ ਸੀ ਕਿ ਇੱਥੇ ਬੱਸਾਂ ਦੀ ਗਿਣਤੀ ਵਧਾਈ ਜਾਵੇ ਅਤੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਲੋਕਾਂ ਦੀ ਇਸ ਮੰਗ ਨੂੰ ਵਿਧਾਨ ਸਭਾ ਵਿੱਚ ਉਠਾਇਆ ਹੈ। ਜਿਸ ਤੋਂ ਬਾਅਦ ਇਹ ਮਸਲਾ ਜਲਦ ਹੱਲ ਹੋ ਜਾਵੇਗਾ।
ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਕ ਵਾਰ ਫਿਰ ਕਿਸਾਨਾਂ ਨੂੰ ਹਿਰਾਸਤ ‘ਚ ਲੈਣ ਅਤੇ ਪਟਿਆਲਾ ‘ਚ ਫੌਜ ਦੇ ਇਕ ਕਰਨਲ ‘ਤੇ ਹਮਲੇ ਦਾ ਮੁੱਦਾ ਉਠਾਇਆ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਵਿੱਚ ਬਿਆਨ ਦਿੱਤਾ ਹੈ ਕਿ ਇੱਕ ਵਿਅਕਤੀ ਜੇਲ੍ਹ ਵਿੱਚ ਪਾਠ ਕਰ ਰਿਹਾ ਹੈ। ਇਸ ਵਿਰੁੱਧ ਮਤਾ ਪਾਸ ਕੀਤਾ ਜਾਵੇ। ਇਹ ਬਿਲਕੁਲ ਗਲਤ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।