ਵਾਸ਼ਿੰਗਟਨ : ਅਮਰੀਕਾ ਨੇ ਲਾਰੈਂਸ ਬਿਸ਼ਨੋਈ ਗੈਂਗ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਅਮਰੀਕਾ, ਕੈਨੇਡਾ ਅਤੇ ਯੂਰਪ ਵਿੱਚ ਗੈਂਗ ਨਾਲ ਕਥਿਤ ਤੌਰ ‘ਤੇ ਜੁੜੇ 24 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਸ ਪੂਰੀ ਕਾਰਵਾਈ ਨੂੰ ‘ਆਪ੍ਰੇਸ਼ਨ ਹਾਰਡ ਬਾਲ’ ਦਾ ਨਾਂ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਅਮਰੀਕੀ ਜਾਂਚ ਏਜੰਸੀ FBI ਨੇ ਵੱਡਾ ਐਲਾਨ ਕੀਤਾ ਹੈ। ਏਜੰਸੀ ਨੇ ਗੈਂਗ ਦੇ ਕਥਿਤ ਮੁੱਖ ਮੈਂਬਰਾਂ ਵਿੱਚ ਸ਼ਾਮਲ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਕਰਵਾਉਣ ਵਿੱਚ ਮਦਦ ਕਰਨ ਵਾਲੀ ਜਾਣਕਾਰੀ ਦੇਣ ‘ਤੇ 50,000 ਅਮਰੀਕੀ ਡਾਲਰ (ਕਰੀਬ 48 ਲੱਖ ਰੁਪਏ) ਤੱਕ ਦੇ ਇਨਾਮ ਦੀ ਘੋਸ਼ਣਾ ਕੀਤੀ ਹੈ।

ਅਮਰੀਕਾ ਦੀ ਫੈਡਰਲ ਜਾਂਚ ਏਜੰਸੀ FBI ਨੇ ਬੁੱਧਵਾਰ, 8 ਜੁਲਾਈ ਨੂੰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਜਾਣਕਾਰੀ ਦੇਣ ‘ਤੇ 50,000 ਅਮਰੀਕੀ ਡਾਲਰ ਤੱਕ ਦੇ ਇਨਾਮ ਦਾ ਐਲਾਨ ਕੀਤਾ। ਗੋਲਡੀ ਬਰਾੜ ‘ਤੇ ਲਾਰੈਂਸ ਬਿਸ਼ਨੋਈ ਦੇ ਕ੍ਰਾਈਮ ਗੈਂਗ ਨਾਲ ਜੁੜੇ ਹੋਣ ਦਾ ਦੋਸ਼ ਹੈ।
FBI ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, “FBI ਸਤਿੰਦਰਜੀਤ ਸਿੰਘ ਦੀ ਗ੍ਰਿਫ਼ਤਾਰੀ ਤੱਕ ਪਹੁੰਚਾਉਣ ਵਾਲੀ ਜਾਣਕਾਰੀ ਦੇਣ ‘ਤੇ 50,000 ਡਾਲਰ ਤੱਕ ਦਾ ਇਨਾਮ ਦੇ ਰਹੀ ਹੈ। ਉਸ ‘ਤੇ ਲਾਰੈਂਸ ਬਿਸ਼ਨੋਈ ਸੰਗਠਿਤ ਕ੍ਰਾਈਮ ਗਰੁੱਪ ਨਾਲ ਜੁੜੇ ਹੋਣ ਦਾ ਦੋਸ਼ ਹੈ। ਇਹ ਸਮੂਹ ਕਥਿਤ ਤੌਰ ‘ਤੇ ਦੱਖਣੀ ਕੈਲੀਫੋਰਨੀਆ, ਪੂਰੇ ਅਮਰੀਕਾ ਅਤੇ ਕੈਨੇਡਾ ਵਿੱਚ ਕਈ ਤਰ੍ਹਾਂ ਦੀਆਂ ਹਿੰਸਕ ਘਟਨਾਵਾਂ ਵਿੱਚ ਸ਼ਾਮਲ ਰਿਹਾ ਹੈ।”
ਏਜੰਸੀ ਦਾ ਕਹਿਣਾ ਹੈ ਕਿ ਗੋਲਡੀ ਬਰਾੜ ਦਾ ਕ੍ਰਾਈਮ (ਜ਼ੁਰਮ) ਅਮਰੀਕਾ ਤੋਂ ਇਲਾਵਾ ਕੈਨੇਡਾ, ਭਾਰਤ ਅਤੇ ਮੈਕਸੀਕੋ ਤੱਕ ਵੀ ਫੈਲਿਆ ਹੋਇਆ ਹੈ। FBI ਦੇ ਇਸ ਐਲਾਨ ਤੋਂ ਕੁਝ ਘੰਟੇ ਪਹਿਲਾਂ ਹੀ ਅਮਰੀਕੀ ਪ੍ਰਸ਼ਾਸਨ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ‘ਤੇ 18 ਜੂਨ 2023 ਨੂੰ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਜਰ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ। ਦੋਸ਼ ਹੈ ਕਿ ਇਸ ਦੀ ਸਾਜ਼ਿਸ਼ ਲਾਰੈਂਸ ਅਤੇ ਗੋਲਡੀ ਬਰਾੜ ਦੋਵਾਂ ਨੇ ਮਿਲ ਕੇ ਰਚੀ ਸੀ।
ਦਾਅਵਾ ਹੈ ਕਿ ਮੁਲਜ਼ਮਾਂ ਵਿੱਚ ਲਾਰੈਂਸ, ਗੋਲਡੀ ਬਰਾੜ, ਰੋਹਿਤ ਗੋਦਾਰਾ ਅਤੇ ਹੋਰ ਸਾਥੀਆਂ ਦੇ ਨਾਂ ਸ਼ਾਮਲ ਹਨ। ਚਾਰਜਸ਼ੀਟ ਵਿੱਚ ਦੱਸਿਆ ਗਿਆ ਹੈ ਕਿ ਲਾਰੈਂਸ ਭਾਰਤ ਵਿੱਚ ਜੇਲ੍ਹ ਵਿੱਚ ਰਹਿੰਦੇ ਹੋਏ ਵੀ ਆਪਣੇ ਨੈੱਟਵਰਕ ਨੂੰ ਚਲਾਉਂਦਾ ਹੈ ਅਤੇ ਉਸ ਦੇ ਸਾਥੀ ਭਾਰਤ, ਅਮਰੀਕਾ, ਕੈਨੇਡਾ ਅਤੇ ਯੂਰਪ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਸਨ।

