ਨਿਊਜ਼ ਡੈਸਕ: ਹਰਿਆਣਾ ਸਰਕਾਰ ਨੇ ਰਾਸ਼ਟਰਮੰਡਲ ਖੇਡਾਂ ਦੇ ਤਗਮਾ ਜੇਤੂਆਂ ਲਈ 7 ਅਗਸਤ ਨੂੰ ਹੋਣ ਵਾਲੇ ਸਨਮਾਨ ਸਮਾਰੋਹ ਨੂੰ ਮੁਲਤਵੀ ਕਰ ਦਿੱਤਾ ਹੈ। ਸਰਕਾਰ ਨੇ ਇਹ ਫੈਸਲਾ ਖਿਡਾਰੀਆਂ ਲਈ ਰਾਸ਼ਟਰੀ ਪੱਧਰ ‘ਤੇ ਹੋਣ ਵਾਲੇ ਸਨਮਾਨ ਸਮਾਗਮ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਤੈਅ ਮੁਲਾਕਾਤ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਹੈ।
ਅਧਿਕਾਰਤ ਜਾਣਕਾਰੀ ਅਨੁਸਾਰ, ਰਾਸ਼ਟਰਮੰਡਲ ਖੇਡਾਂ (Commonwealth Games) ਦੇ ਸਾਰੇ ਤਗ਼ਮਾ ਜੇਤੂ 7 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਦੇ ਨਤੀਜੇ ਵਜੋਂ, ਹਰਿਆਣਾ ਸਰਕਾਰ ਵੱਲੋਂ ਸ਼ੁੱਕਰਵਾਰ ਲਈ ਉਲੀਕਿਆ ਗਿਆ ਸਨਮਾਨ ਸਮਾਰੋਹ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।
ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਾਲ ਖਿਡਾਰੀਆਂ ਦੀ ਮੁਲਾਕਾਤ ਤੋਂ ਬਾਅਦ ਹਰਿਆਣਾ ਸਰਕਾਰ ਜਲਦੀ ਹੀ ਇੱਕ ਸ਼ਾਨਦਾਰ ਸਨਮਾਨ ਸਮਾਰੋਹ ਆਯੋਜਿਤ ਕਰੇਗੀ। ਇਸ ਸਮਾਗਮ ਵਿੱਚ ਉਨ੍ਹਾਂ ਸਾਰੇ ਤਗਮਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਿਨ੍ਹਾਂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
ਸਰਕਾਰ ਦਾ ਕਹਿਣਾ ਹੈ ਕਿ ਖਿਡਾਰੀਆਂ ਨੂੰ ਪੂਰੇ ਮਾਣ-ਸਤਿਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਜਲਦੀ ਹੀ ਇੱਕ ਨਵੀਂ ਤਾਰੀਖ ਦਾ ਐਲਾਨ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਮੁੱਖ ਮੰਤਰੀ ਸਮੇਤ ਸਰਕਾਰ ਦੇ ਸੀਨੀਅਰ ਮੰਤਰੀ ਅਤੇ ਅਧਿਕਾਰੀ ਵੀ ਮੌਜੂਦ ਰਹਿਣਗੇ।

