ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਵਿੱਚ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ ‘ਤੇ ਬੇਰਹਿਮੀ ਨਾਲ ਜਾਨਲੇਵਾ ਹਮਲਾ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰਨ ਦਾ ਖ਼ੌਫ਼ਨਾਕ ਮਾਮਲਾ ਸਾਹਮਣੇ ਆਇਆ ਹੈ। ਜਵਾਹਰ ਸਿੰਘ ਵਾਲਾ ਪਿੰਡ ਦੇ 32 ਸਾਲਾ ਨਿਵਾਸੀ ਮਨਪ੍ਰੀਤ ਸਿੰਘ ਨੇ ਆਪਣੀ ਪਤਨੀ ਦੇ ਚਰਿੱਤਰ ‘ਤੇ ਸ਼ੱਕ ਕੀਤਾ ਅਤੇ ਉਸਨੂੰ ਬੇਰਹਿਮੀ ਨਾਲ ਕੁੱਟਮਾਰ ਕੀਤੀ। ਜਿਸ ਨਾਲ ਉਹ ਬੇਹੋਸ਼ ਹੋ ਕੇ ਡਿੱਗ ਪਈ। ਪਤਨੀ ਨੂੰ ਮ੍ਰਿਤਕ ਸਮਝ ਕੇ ਉਸ ਨੇ ਆਪ ਪੁਲਿਸ ਨੂੰ ਫ਼ੋਨ ਕਰਕੇ ਕਿਹਾ ਕਿ ‘ਮੈਂ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਹੈ’। ਇਸ ਤੋਂ ਬਾਅਦ ਉਹ ਸਿੱਧਾ ਉਸ ਸਰਕਾਰੀ ਸਕੂਲ ਪਹੁੰਚਿਆ, ਜਿੱਥੇ ਉਸ ਦੀ ਪਤਨੀ ਨੌਕਰੀ ਕਰਦੀ ਸੀ, ਅਤੇ ਉੱਥੇ ਪਾਣੀ ਦੀ ਟੈਂਕੀ ਨਾਲ ਫੰਦਾ ਲਗਾ ਕੇ ਖ਼ੁਦਕੁਸ਼ੀ ਕਰ ਲਈ।
ਪੁਲਿਸ ਅਨੁਸਾਰ ਐਤਵਾਰ ਨੂੰ ਵੀ ਦੋਵਾਂ ਵਿਚਾਲੇ ਇਸੇ ਮੁੱਦੇ ਨੂੰ ਲੈ ਕੇ ਕਹਾਸੁਣੀ ਹੋਈ। ਦੇਖਦਿਆਂ ਹੀ ਦੇਖਦਿਆਂ ਬਹਿਸ ਐਨੀ ਵੱਧ ਗਈ ਕਿ ਮਨਪ੍ਰੀਤ ਨੇ ਪਤਨੀ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਸ ਨੇ ਪੇਚਕਸ ਅਤੇ ਪਲਾਸ ਨਾਲ ਮਾਰ-ਮਾਰ ਕੇ ਪਤਨੀ ਨੂੰ ਅਧਮੋਈ ਕਰ ਦਿੱਤਾ।
ਉਹ ਇੱਥੇ ਹੀ ਨਹੀਂ ਰੁਕਿਆ, ਉਸ ਨੇ ਪਲਾਸ ਨਾਲ ਪਤਨੀ ਦੇ ਬੁੱਲ੍ਹ ਵੀ ਖਿੱਚੇ, ਜਿਸ ਕਾਰਨ ਉਹ ਗੰਭੀਰ ਰੂਪ ‘ਚ ਜ਼ਖ਼ਮੀ ਹੋ ਕੇ ਜ਼ਮੀਨ ‘ਤੇ ਬੇਹੋਸ਼ ਪੈ ਗਈ। ਪਤੀ ਨੂੰ ਲੱਗਿਆ ਕਿ ਪਤਨੀ ਦੀ ਮੌਤ ਹੋ ਚੁੱਕੀ ਹੈ, ਹਾਲਾਂਕਿ ਉਹ ਅਜੇ ਜ਼ਿੰਦਾ ਹੈ। ਉਸ ਨੂੰ ਪਹਿਲਾਂ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

