ਫਿਰੋਜ਼ਪੁਰ : ਪੰਜਾਬ ਪੁਲਿਸ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਨਿਰੰਤਰ ਕਾਰਵਾਈ ਕਰ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਪੁਲਿਸ ਨੇ ਇੱਕ ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਚਲਾਏ ਗਏ ਆਪ੍ਰੇਸ਼ਨ ਤਹਿਤ ਸਰਹੱਦ ਪਾਰ ਨਸ਼ਾ ਤਸਕਰੀ ਦੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੱਸ ਦੇਈਏ ਕਿ ਥਾਣਾ ਸਦਰ ਦੇ ਖੇਤਰ ਅਧੀਨ ਪੈਂਦੇ ਪਿੰਡ ਚਾਂਦੀਵਾਲਾ ਵਿੱਚ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਕੋਲੋਂ ਵੱਡੀ ਮਾਤਰਾ ‘ਚ ਹੈਰੋਇਨ ਬਰਾਮਦ ਕੀਤੀ ਹੈ।

ਇਸ ਮਹੱਤਵਪੂਰਨ ਸਫਲਤਾ ਬਾਰੇ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ “ਫਿਰੋਜ਼ਪੁਰ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ, ਸਰਹੱਦ ਪਾਰ ਨਸ਼ਾ ਤਸਕਰੀ ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਕੇ, ਫਿਰੋਜ਼ਪੁਰ ਦੇ ਥਾਣਾ ਸਦਰ ਦੇ ਪਿੰਡ ਚਾਂਦੀਵਾਲਾ ਦੇ ਰਹਿਣ ਵਾਲੇ ਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕਰਕੇ ਉਸਦੇ ਕਬਜ਼ੇ ਵਿਚੋਂ 5.507 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਂਚ ਵਿੱਚ ਉਸ ਦੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ। ਮਾਮਲੇ ਸਬੰਧੀ ਐਫ.ਆਈ.ਆਰ. ਦਰਜ ਕੀਤੀ ਗਈ ਹੈ, ਅਤੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।”
ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਨਸ਼ਿਆਂ ਵਿਰੁੱਧ ਉਨ੍ਹਾਂ ਦੀ ਨੀਤੀ ‘ਜ਼ੀਰੋ-ਟੌਲਰੈਂਸ’ ਹੈ। ਅਧਿਕਾਰੀ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਨ ਕਿ ਪੰਜਾਬ ਨਾ ਸਿਰਫ਼ ਨਸ਼ਾ-ਮੁਕਤ ਸਗੋਂ ਸੁਰੱਖਿਅਤ ਵੀ ਬਣਿਆ ਰਹੇ। ਇਹ ਕਾਰਵਾਈ ਸੂਬੇ ਵਿੱਚ ਨਸ਼ਾ ਤਸਕਰੀ ਵਿਰੁੱਧ ਪੁਲਿਸ ਦੀ ਲਗਾਤਾਰ ਨਿਗਰਾਨੀ ਅਤੇ ਸਰਗਰਮੀ ਦਾ ਸੰਕੇਤ ਦਿੰਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

