ਚੰਡੀਗੜ੍ਹ : ਇੰਝ ਲਗਦਾ ਹੈ ਜਿਵੇਂ ਦਿੱਲੀ ਅੰਦਰ ਲਗਾਤਾਰ ਵਧ ਰਹੇ ਪ੍ਰਦੂਸ਼ਨ ਕਾਰਨ ਹੋ ਰਹੀ ਗੰਦੀ ਹਵਾ ਨੂੰ ਦੇਖਦਿਆਂ ਅਤੇ ਦਿੱਲੀ ਸਰਕਾਰ ਵੱਲੋਂ ਲਗਾਤਾਰ ਪਾਈਆਂ ਜਾ ਰਹੀਆਂ ਲਾਹਨਤਾਂ ਨੂੰ ਧਿਆਨ ਵਿੱਚ ਰੱਖ ਕੇ ਪ੍ਰਸ਼ਾਸਨ ਨੇ ਵੀ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਰਿਪੋਰਟਾਂ ਮੁਤਾਬਿਕ ਪੰਜਾਬ ਸਰਕਾਰ ਵੱਲੋਂ ਮੰਗਲਵਾਰ ਵਾਲੇ ਦਿਨ ਪਰਾਲੀ ਨੂੰ ਅੱਗ ਲਾਉਣ ‘ਤੇ 196 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇੱਥੇ ਹੀ ਬੱਸ ਨਹੀਂ 327 ਖਿਲਾਫ ਐਫਆਈਆਰ ਦਰਜ ਹੋਣ ਦਾ ਵੀ ਦਾਅਵਾ ਕੀਤਾ ਜਾ ਰਿਹਾ ਹੈ।
ਦੱਸਣਯੋਗ ਇਹ ਵੀ ਹੈ ਕਿ ਦਿੱਲੀ ਅੰਦਰ ਵਧ ਰਹੇ ਪ੍ਰਦੂਸ਼ਨ ਨੂੰ ਧਿਆਨ ਵਿੱਚ ਰੱਖਦਿਆਂ ਸੁਪਰੀਮ ਕੋਰਟ ਵੱਲੋਂ ਅੱਜ ਇੱਕ ਅਹਿਮ ਫੈਸਲਾ ਸੁਣਾਇਆ ਜਾਵੇਗਾ ਅਤੇ ਪਤਾ ਲੱਗਾ ਹੈ ਕਿ ਇਸ ਸਮੇਂ ਪੰਜਾਬ, ਹਰਿਆਣਾ ਅਤੇ ਯੂਪੀ ਦੇ ਚੀਫ ਸਕੱਤਰ ਸੁਪਰੀਮ ਕੋਰਟ ਵਿੱਚ ਪੇਸ਼ ਹੋਣਗੇ।
ਜਾਣਕਾਰੀ ਮੁਤਾਬਿਕ ਕਿਸਾਨਾਂ ਨੂੰ ਜਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦਾ ਉਲੰਘਣ ਦੇ ਦੋਸ਼ ਹੇਠ ਆਈਪੀਸੀ ਦੀ ਧਾਰਾ 188 ਅਧੀਨ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਾਲ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਸਾਲ 2017 ਅਤੇ 2018 ਤੋਂ ਵੀ ਜਿਆਦਾ ਦੱਸੇ ਜਾ ਰਹੇ ਹਨ।