ਫ਼ਤਿਹਗੜ੍ਹ ਸਾਹਿਬ: ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਹਿੰਦ ਪੁਲਿਸ ਨੇ ਪਿੰਡ ਸਾਨੀਪੁਰ ਦੇ ਇੱਕ ਵਿਅਕਤੀ ਵਿਰੁੱਧ ਇਕਾਂਤਵਾਸ ਦੀ ਉਲੰਘਣਾ ਕਰਨ ਸਬੰਧੀ ਵੱਖ-ਵੱਖ ਧਾਰਾਂਵਾ ਹੇਠ ਕੇਸ ਦਰਜ ਕੀਤਾ ਗਿਆ ਹੈ।
ਕੌਂਡਲ ਨੇ ਦੱਸਿਆ ਕਿ ਪਿੰਡ ਸਾਨੀਪੁਰ ਦਾ ਜਗਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਜਿਸ ਨੂੰ 10 ਜੁਲਾਈ ਤੋਂ 24 ਜੁਲਾਈ ਤੱਕ ਆਪਣੇ ਘਰ ਅੰਦਰ ਹੀ ਇਕਾਂਤਵਾਸ ਕੀਤਾ ਹੋਇਆ ਸੀ, ਦੇ ਘਰ ਅੱਜ ਜਦੋਂ ਪੁਲਿਸ ਨੇ ਜਾ ਕੇ ਵੇਖਿਆ ਤਾਂ ਉਹ ਆਪਣੇ ਘਰ ਨਹੀਂ ਮਿਲਿਆ ਜਿਸ ਕਾਰਨ ਉਸ ਵਿਰੁੱਧ ਧਾਰਾ 188, 271 ਅਤੇ ਡਿਜਾਸਟਰ ਮੈਨੇਜਮੈਂਟ ਦੀ ਧਾਰਾ 51 ਅਧੀਨ ਕੇਸ ਦਰਜ਼ ਕੀਤਾ ਗਿਆ ਹੈ।
ਜ਼ਿਲ੍ਹਾ ਪੁਲਿਸ ਮੁਖੀ ਨੇ ਜਿ਼ਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਅਪਣਾਉਣ ਅਤੇ ਆਪਣੇ ਘਰਾਂ ਵਿੱਚੋਂ ਕਿਸੇ ਐਮਰੰਜੰਸੀ ਜਾਂ ਜਰੂਰੀ ਕੰਮ ਤੋਂ ਹੀ ਬਾਹਰ ਨਿਕਲਣ।
ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਆਪਣਾ ਮੂੰਹ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਿਆ ਜਾਵੇ ਅਤੇ ਸਮਾਜਿਕ ਵਿੱਥ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਕੋਡਿਵ-19 ਵਰਗੀ ਖ਼ਤਰਨਾਕ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਤਾੜਨਾਂ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਉਸ ਦੇ ਘਰ ਵਿੱਚ ਇਕਾਂਤਵਾਸ ਕੀਤਾ ਗਿਆ ਹੈ ਤਾਂ ਉਹ ਪੂਰਾ ਸਮਾਂ ਆਪਣੇ ਘਰ ਵਿੱਚ ਹੀ ਰਹੇ ਅਤੇ ਇਕਾਂਤਵਾਸ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸਿ਼ਆ ਨਹੀਂ ਜਾਵੇਗਾ।