ਪੰਜਾਬ ‘ਚ ਸਬਸਿਡੀ ਵਾਲੇ ਯੂਰੀਆ ਦੇ ਦੁਰਵਰਤੋਂ ਮਾਮਲੇ ‘ਚ ਵੱਡੀ ਕਾਰਵਾਈ, FIR ਦਰਜ

Global Team
3 Min Read

ਚੰਡੀਗੜ੍ਹ: ਪੰਜਾਬ ਵਿੱਚ ਸਬਸਿਡੀ ਵਾਲੇ ਯੂਰੀਆ ਦੇ ਕਥਿਤ ਗਲਤ ਇਸਤੇਮਾਲ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਖੰਨਾ ਦੇ ਐੱਸਐੱਸਪੀ ਡਾ. ਦਰਪਣ ਆਹਲੂਵਾਲੀਆ ਵੱਲੋਂ FIR ਦਰਜ ਕਰਵਾਈ ਗਈ ਹੈ।

ਇਸ ਮਾਮਲੇ ਵਿੱਚ ਖੰਨਾ ਕੈਟਲ ਫੀਡ ਪਲਾਂਟ ਦੇ ਜਨਰਲ ਮੈਨੇਜਰ ਸੁਰਜੀਤ ਸਿੰਘ ਭਦੌੜ ਸਮੇਤ ਹੋਰ ਅਧਿਕਾਰੀਆਂ ਅਤੇ ਯੂਰੀਆ ਸਪਲਾਈ ਨਾਲ ਜੁੜੀਆਂ ਗਿੱਦੜਬਾਹਾ ਅਤੇ ਨਵੀਂ ਦਿੱਲੀ ਦੀਆਂ ਕੰਪਨੀਆਂ ਦੇ ਮਾਲਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਖੇਤੀਬਾੜੀ ਵਿਕਾਸ ਅਧਿਕਾਰੀ ਦੇ ਬਿਆਨ ‘ਤੇ ਦਰਜ ਹੋਈ FIR

ਇਹ ਮਾਮਲਾ ਖੰਨਾ ਦੇ ਸਿਟੀ ਥਾਣਾ-2 ਵਿੱਚ ਦਰਜ ਕੀਤਾ ਗਿਆ ਹੈ। FIR ਖੇਤੀਬਾੜੀ ਵਿਕਾਸ ਅਧਿਕਾਰੀ ਗੁਰਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤੀ ਗਈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਇਸ ਨਾਲ ਜੁੜੇ ਹੋਰ ਅਧਿਕਾਰੀਆਂ ਅਤੇ ਸਬੰਧਤ ਧਿਰਾਂ ਨੂੰ ਵੀ ਅੱਗੇ ਚੱਲ ਕੇ ਮਾਮਲੇ ਵਿੱਚ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਟੈਕਨੀਕਲ ਗ੍ਰੇਡ ਦੀ ਥਾਂ ਨੀਮ-ਕੋਟੇਡ ਯੂਰੀਆ ਵਰਤਣ ਦੇ ਦੋਸ਼

ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਕਿ ਉਦਯੋਗਿਕ ਵਰਤੋਂ ਲਈ ਲੋੜੀਂਦੇ ਟੈਕਨੀਕਲ ਗ੍ਰੇਡ ਯੂਰੀਆ ਦੀ ਥਾਂ ਖੇਤੀ ਲਈ ਸਬਸਿਡੀ ‘ਤੇ ਮਿਲਣ ਵਾਲੇ ਨੀਮ-ਕੋਟੇਡ ਯੂਰੀਆ ਦੀ ਵਰਤੋਂ ਕੀਤੀ ਗਈ।

ਦੋਸ਼ ਹਨ ਕਿ ਇਸ ਸਬਸਿਡੀ ਵਾਲੇ ਯੂਰੀਆ ਨੂੰ ਉਦਯੋਗਿਕ ਕੰਮਾਂ ਲਈ ਵਰਤ ਕੇ ਸਰਕਾਰੀ ਸਹਾਇਤਾ ਦਾ ਗਲਤ ਲਾਭ ਲਿਆ ਗਿਆ। ਇਸ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦੇ ਨੁਕਸਾਨ ਦਾ ਖਦਸ਼ਾ ਜਤਾਇਆ ਗਿਆ ਹੈ।

ਖੇਤੀਬਾੜੀ ਵਿਭਾਗ ਦੀ ਛਾਪੇਮਾਰੀ ਦੌਰਾਨ ਲਏ ਗਏ ਨਮੂਨੇ

ਇਸ ਮਾਮਲੇ ਵਿੱਚ ਖੇਤੀਬਾੜੀ ਵਿਭਾਗ ਦੀ ਟੀਮ ਨੇ ਖੰਨਾ ਕੈਟਲ ਫੀਡ ਪਲਾਂਟ ਵਿੱਚ ਛਾਪਾ ਮਾਰ ਕੇ ਯੂਰੀਆ ਦੇ ਨਮੂਨੇ ਇਕੱਠੇ ਕੀਤੇ ਸਨ।

ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਟੈਕਨੀਕਲ ਗ੍ਰੇਡ ਯੂਰੀਆ ਵਾਲੇ ਬੈਗਾਂ ਵਿੱਚ ਖੇਤੀਬਾੜੀ ਲਈ ਸਬਸਿਡੀ ‘ਤੇ ਮਿਲਣ ਵਾਲਾ ਨੀਮ-ਕੋਟੇਡ ਯੂਰੀਆ ਭਰਿਆ ਗਿਆ ਸੀ।

ਇਸ ਤੋਂ ਪਹਿਲਾਂ ਵੀ ਖੰਨਾ ਕੈਟਲ ਫੀਡ ਪਲਾਂਟ ਦੇ ਜਨਰਲ ਮੈਨੇਜਰ, ਮੈਨੇਜਰ (ਏਐਚ), ਕੁਆਲਿਟੀ ਇੰਚਾਰਜ, ਡਿਪਟੀ ਮੈਨੇਜਰ (ਖਰੀਦ ਅਤੇ ਸਟੋਰ) ਅਤੇ ਸੀਨੀਅਰ ਸਹਾਇਕ (ਖਰੀਦ ਪ੍ਰਭਾਰੀ) ਸਮੇਤ ਕਈ ਅਧਿਕਾਰੀਆਂ ਨੂੰ ਚਾਰਜਸ਼ੀਟ ਕੀਤਾ ਜਾ ਚੁੱਕਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment