SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ

Global Team
3 Min Read

ਨਿਊਜ਼ ਡੈਸਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਨੇ ਅਸਤੀਫਾ ਦੇ ਦਿੱਤਾ ਹੈ। ਇਹ ਅਸਤੀਫਾ ਅਮਰਜੀਤ ਸਿੰਘ ਚਾਵਲਾ ਨੇ ਜਬਰ ਜਨਾਹ ਦੇ ਮਾਮਲੇ ਵਿਚ ਘਿਰਨ ਤੋਂ ਬਾਅਦ ਦਿੱਤਾ ਹੈ। ਆਨੰਦਪੁਰ ਸਾਹਿਬ ਦੇ ਥਾਣੇ ’ਚ ਉਨ੍ਹਾਂ ਖ਼ਿਲਾਫ਼ ਜਬਰ-ਜਨਾਹ ਦਾ ਮਾਮਲਾ 20 ਅਗਸਤ ਨੂੰ ਦਰਜ ਹੋ ਗਿਆ ਸੀ, ਪਰ ਪੁਲਿਸ ਨੇ ਉਨ੍ਹਾਂ ਨੂੰ ਭਿਣਕ ਤੱਕ ਨਹੀਂ ਪੈਣ ਦਿੱਤੀ। ਹੁਣ ਜਦੋਂ ਪੁਲਿਸ ਚਾਵਲਾ ਦੀ ਭਾਲ ’ਚ ਜੁਟ ਗਈ ਹੈ ਤਾਂ ਪਤਾ ਲੱਗਿਆ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਦੇਸ਼ ਵਿੱਚੋਂ ਫ਼ਰਾਰ ਹੋ ਗਏ ਹਨ।

ਪੰਜਾਬ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ 13 ਸਤੰਬਰ ਨੂੰ ਕੈਨੇਡਾ ਪਹੁੰਚ ਗਏ ਹਨ। ਪੰਜਾਬ ਪੁਲਿਸ ਵੱਲੋਂ ਚਾਵਲਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ, ਜਿਸ ਦੌਰਾਨ ਚਾਵਲਾ ਦੇ ਕੈਨੇਡਾ ਪੁੱਜਣ ਦਾ ਪਤਾ ਚੱਲਿਆ ਹੈ। ਦੱਸਣਯੋਗ ਹੈ ਕਿ ਚਾਵਲਾ ਖ਼ਿਲਾਫ਼ ਕੇਸ ਸੰਗਰੂਰ ਜ਼ਿਲ੍ਹੇ ਦੀ ਇੱਕ ਔਰਤ ਦੀ ਸ਼ਿਕਾਇਤ ’ਤੇ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਆਨੰਦਪੁਰ ਸਾਹਿਬ ਪੁਲਿਸ ਥਾਣੇ ’ਚ ਦਰਜ ਕੀਤਾ ਗਿਆ ਹੈ। ਇਸ ਔਰਤ ਨੇ ਚਾਵਲਾ ’ਤੇ ਵਾਰ-ਵਾਰ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖਿਲਾਫ ਬਹਿਰੀਨ ਦੀ ਇੱਕ ਔਰਤ ਨਾਲ ਕਈ ਵਾਰ ਬਲਾਤਕਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਪੀੜਤਾ ਦੀ ਸ਼ਿਕਾਇਤ ਦੇ ਆਧਾਰ ‘ਤੇ, ਚਾਵਲਾ ਖਿਲਾਫ ਆਨੰਦਪੁਰ ਸਾਹਿਬ ਪੁਲਿਸ ਸਟੇਸ਼ਨ ਵਿੱਚ ਆਈਪੀਸੀ ਦੀ ਧਾਰਾ 64, 127(2), ਅਤੇ 351(2) ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਦੇ ਅਨੁਸਾਰ, ਇਹ ਘਟਨਾਵਾਂ 27 ਫਰਵਰੀ ਤੋਂ 19 ਅਗਸਤ, 2026 ਦੇ ਵਿਚਕਾਰ ਵਾਪਰੀਆਂ।

ਪੁਲਿਸ ਅਧਿਕਾਰੀ ਆਖਦੇ ਹਨ ਕਿ ਅਮਰਜੀਤ ਸਿੰਘ ਚਾਵਲਾ ਹਾਲੇ ਜਾਂਚ ਵਿੱਚ ਸ਼ਾਮਲ ਨਹੀਂ ਹੋਏ ਹਨ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਦੂਸਰੀ ਤਰਫ਼ ਐੱਫ਼ ਆਈ ਆਰ ਦਰਜ ਹੋਣ ਤੋਂ ਬਾਅਦ ਚਾਵਲਾ ਨੇ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment