ਚੰਡੀਗੜ੍ਹ: ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਨੂੰ ਲੈ ਕੇ ਮੋਹਾਲੀ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ FIR ਦਰਜ ਕੀਤੀ ਗਈ ਹੈ। ਬਾਜਵਾ ਵਿਰੁਧ ਬੀਐਨਐਸ ਦੀ ਧਾਰਾ 197 (1) (ਡੀ) ਅਤੇ 353 (2) ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਾਜਵਾ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਕੀਤੀ ਜਾ ਚੁੱਕੀ ਹੈ। 32 ਅਜੇ ਬਾਕੀ ਹਨ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਉਸਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।
ਕਾਊਂਟਰ ਇੰਟੈਲੀਜੈਂਸ ਟੀਮ ਐਤਵਾਰ ਨੂੰ ਉਨ੍ਹਾਂ ਦੇ ਘਰ ਗਈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਬਿਆਨ ਦਾ ਆਧਾਰ ਪੁੱਛਿਆ। ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਰਵਜੋਤ ਗਰੇਵਾਲ ਨੇ ਕਿਹਾ ਹੈ ਕਿ ਇਹ ਰਾਸ਼ਟਰੀ ਸੁਰੱਖਿਆ ਨਾਲ ਜੁੜੀ ਬਹੁਤ ਹੀ ਸੰਵੇਦਨਸ਼ੀਲ ਜਾਣਕਾਰੀ ਹੈ। ਬਾਜਵਾ ਨੇ ਜਾਂਚ ਵਿੱਚ ਸਹਿਯੋਗ ਨਹੀਂ ਕੀਤਾ ਅਤੇ ਇਸ ਜਾਣਕਾਰੀ ਦੇ ਸਰੋਤ ਦਾ ਖੁਲਾਸਾ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਸ਼ਾਮ ਨੂੰ, ਮੋਹਾਲੀ ਵਿੱਚ ਬਾਜਵਾ ਵਿਰੁੱਧ ਆਈਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਜਵਾ ‘ਤੇ ਹਮਲਾ ਬੋਲਿਆ ਅਤੇ ਪੁੱਛਿਆ ਕਿ ਉਨ੍ਹਾਂ ਨੂੰ ਬੰਬ ਧਮਾਕੇ ਦੀ ਜਾਣਕਾਰੀ ਕਿੱਥੋਂ ਮਿਲੀ। ਕੀ ਉਨ੍ਹਾਂ ਦਾ ਪਾਕਿਸਤਾਨ ਨਾਲ ਸਿੱਧਾ ਸਬੰਧ ਹੈ ਕਿ ਅੱਤਵਾਦੀ ਉਨ੍ਹਾਂ ਨੂੰ ਜਾਣਕਾਰੀ ਦੇ ਰਹੇ ਹਨ? ਉਨ੍ਹਾਂ ਕਿਹਾ ਕਿ ਬਾਜਵਾ ਪਰਿਵਾਰ ਦੇ ਦਹਾਕਿਆਂ ਤੋਂ ਪਾਕਿਸਤਾਨ ਵਿੱਚ ਸਰਗਰਮ ਪੰਜਾਬ ਵਿਰੋਧੀ ਤਾਕਤਾਂ ਨਾਲ ਡੂੰਘੇ ਸਬੰਧ ਰਹੇ ਹਨ, ਜਿਸ ਕਾਰਨ ਬਾਜਵਾ ਅਤੇ ਉਨ੍ਹਾਂ ਦੇ ਪਾਕਿਸਤਾਨੀ ਦੋਸਤ ਪੰਜਾਬ ਦੀ ਸ਼ਾਂਤੀ ਅਤੇ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰਨਾ ਚਾਹੁੰਦੇ ਹਨ। ਮਾਨ ਨੇ ਕਿਹਾ ਕਿ ਪੁਲਿਸ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਬਾਜਵਾ ਨੂੰ ਇਨ੍ਹਾਂ ਬੰਬਾਂ ਦੀ ਪਛਾਣ ਕਰਨ ਲਈ ਕਹਿਣ। ਜੇਕਰ ਉਨ੍ਹਾਂ ਨੇ ਇਹ ਸਿਰਫ਼ ਦਹਿਸ਼ਤ ਫੈਲਾਉਣ ਲਈ ਕਿਹਾ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹ ਇਸ ਲਈ ਤਿਆਰ ਰਹਿਣ ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।