ਨਿਊਜ਼ ਡੈਸਕ: ਨਾਈਜੀਰੀਆ ਦੇ ਉੱਤਰ-ਪੱਛਮੀ ਰਾਜ ਜ਼ਮਫਾਰਾ ਵਿੱਚ ਇੱਕ ਸਕੂਲ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 17 ਬੱਚਿਆਂ ਦੀ ਮੌਤ ਹੋ ਗਈ ਹੈ। ਇਕ ਸਥਾਨਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੌਰਾ-ਨਮੋਦਾ ਇਲਾਕੇ ‘ਚ ਸਥਿਤ ਧਾਰਮਿਕ ਅਧਿਐਨ ਕੇਂਦਰ ਮਕਰੰਤ ਮੱਲਮ ਗਲੀ ‘ਚ ਅੱਗ ਲੱਗ ਗਈ।
ਅੱਗ ਲੱਗਣ ਕਾਰਨ 17 ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਜ਼ਮਫਾਰਾ ਸੂਬੇ ਦੇ ਕੌਰਾਂ ਨਮੋਦਾ ਕਸਬੇ ਦੇ ਇੱਕ ਇਸਲਾਮੀ ਸਕੂਲ ਵਿਚ ਅੱਗ ਲੱਗ ਗਈ ਤੇ ਇਸ ਕਾਰਨ 17 ਵਿਦਿਆਰਥੀਆਂ ਦੀ ਮੌਤ ਹੋ ਗਈ, ਜਿਨ੍ਹਾਂ ਦੀ ਉਮਰ ਸੱਤ ਤੋਂ ਸਤਾਰਾਂ ਸਾਲ ਦਰਮਿਆਨ ਸੀ। ਇਸ ਅੱਗ ਕਾਰਨ 12 ਹੋਰ ਗੰਭੀਰ ਰੂਪ ਵਿੱਚ ਝੁਲਸ ਗਏ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਪੁਲਿਸ ਬੁਲਾਰੇ ਯਾਜਿਦ ਅਬੂਬਕਰ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਤੇ ਇਸ ਦਾ ਪਤਾ ਲਾਉਣ ਲਈ ਜਾਂਚ ਜਾਰੀ ਹੈ।
ਇਸ ਦੌਰਾਨ, ਨਾਈਜੀਰੀਆ ਦੇ ਰਾਸ਼ਟਰਪਤੀ ਬੋਲਾ ਟੀਨੂਬੂ ਨੇ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਸਕੂਲਾਂ ਨੂੰ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਟੀਨੂਬੂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਕਿ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਪਿਛਲੇ ਮਹੀਨੇ ਦੇ ਸ਼ੁਰੂ ਵਿੱਚ, ਨਾਈਜੀਰੀਆ ਦੀ ਰਾਜਧਾਨੀ ਅਬੂਜਾ ਦੇ ਬਾਹਰਵਾਰ ਇੱਕ ਸਕੂਲ ਵਿੱਚ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।