ਫਿਰੋਜ਼ਪੁਰ : ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਹਲਕੇ ਵਿੱਚ ਅੱਜ ਦਿਨ ਦਿਹਾੜੇ ਮੁੱਖ ਬਾਜ਼ਾਰ ਵਿੱਚ ਸਥਿਤ ਇੱਕ ਕੱਪੜਿਆਂ ਦੇ ਸ਼ੋਰੂਮ ‘ਤੇ ਦੋ ਨਕਾਬਪੋਸ਼ ਨੌਜਵਾਨਾਂ ਨੇ ਫਾਇਰਿੰਗ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਵਪਾਰੀਆਂ ਅਤੇ ਸਥਾਨਕ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ।
ਮੇਨ ਬਾਜ਼ਾਰ ਵਿੱਚ ਗੋਲੀ ਚੱਲਣ ਨਾਲ ਮਚਿਆ ਹੜਕੰਪ
ਮਿਲੀ ਜਾਣਕਾਰੀ ਅਨੁਸਾਰ ਜੀਰਾ ਦੇ ਰੁੱਝੇ ਹੋਏ ਮੇਨ ਬਾਜ਼ਾਰ ਵਿੱਚ ਹਰ ਰੋਜ਼ ਦੀ ਤਰ੍ਹਾਂ ਖਰੀਦਦਾਰੀ ਜਾਰੀ ਸੀ। ਇਸ ਦੌਰਾਨ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰ ਇੱਕ ਕੱਪੜਾ ਵਪਾਰੀ ਦੀ ਦੁਕਾਨ ਦੇ ਬਾਹਰ ਪਹੁੰਚੇ ਅਤੇ ਗੋਲੀ ਚਲਾ ਕੇ ਫਰਾਰ ਹੋ ਗਏ। ਗੋਲੀ ਦੀ ਆਵਾਜ਼ ਸੁਣਦੇ ਹੀ ਪੂਰੇ ਬਾਜ਼ਾਰ ਵਿੱਚ ਹੜਕੰਪ ਮਚ ਗਿਆ ਅਤੇ ਲੋਕ ਆਪਣੀ ਸੁਰੱਖਿਆ ਲਈ ਇਧਰ-ਉਧਰ ਭੱਜਣ ਲੱਗੇ।
ਇਸ ਫਾਇਰਿੰਗ ਦੌਰਾਨ ਕਿਸੇ ਵੀ ਵਿਅਕਤੀ ਦੇ ਜ਼ਖ਼ਮੀ ਹੋਣ ਜਾਂ ਜਾਨੀ-ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਕੱਪੜਾ ਵਪਾਰੀ ਨੇ ਕੈਮਰੇ ਸਾਹਮਣੇ ਆਉਣ ਤੋਂ ਇਨਕਾਰ ਕਰ ਦਿੱਤਾ, ਜਦੋਂਕਿ ਨੇੜਲੇ ਦੁਕਾਨਦਾਰਾਂ ਨੇ ਦੱਸਿਆ ਕਿ ਹਮਲਾਵਰਾਂ ਨੇ ਆਪਣੇ ਚਿਹਰੇ ਢੱਕੇ ਹੋਏ ਸਨ। ਘਟਨਾ ਤੋਂ ਬਾਅਦ ਇਲਾਕੇ ਦੇ ਵਪਾਰੀਆਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵੱਧ ਗਈ ਹੈ।
ਪੁਲਿਸ ਅਧਿਕਾਰੀ ਜੇ.ਐਸ. ਢਿੱਲੋਂ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਜੀਰਾ ਦੇ ਬਾਜ਼ਾਰ ਵਿੱਚ ਕੱਪੜਾ ਵਪਾਰੀ ਦੀ ਦੁਕਾਨ ਦੇ ਬਾਹਰ ਬਾਈਕ ‘ਤੇ ਆਏ ਦੋ ਨੌਜਵਾਨਾਂ ਨੇ ਫਾਇਰਿੰਗ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

